ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 15
ਰਾਸ਼ਟਰੀ ਰਾਜਧਾਨੀ ਸਮੇਤ ਅੱਜ ਉੱਤਰੀ ਭਾਰਤ ਨੂੰ ਧੁੰਦ ਦੀ ਸੰਘਣੀ ਚਾਦਰ ਨੇ ਢੱਕ ਲਿਆ। ਜ਼ਿਆਦਾਤਰ ਥਾਵਾਂ ‘ਤੇ ਜ਼ੀਰੋ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਇਸ ਕਾਰਨ ਸੜਕਾਂ ’ਤੇ ਵਾਹਨ ਰੇਂਗਦੇ ਦੇਖੇ ਗਏ। ਇਸ ਦੌਰਾਨ ਰੇਲ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਯੂਪੀ-ਬਿਹਾਰ ਤੋਂ ਆਉਣ ਵਾਲੀਆਂ ਜ਼ਿਆਦਾਤਰ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ‘ਚ ਸੀਤ ਲਹਿਰ ਦੇ ਪ੍ਰਕੋਪ ਦੇ ਵਿਚਕਾਰ ਧੁੰਦ ਕਾਰਨ ਆਈਜੀਆਈ ਹਵਾਈ ਅੱਡੇ ‘ਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਭਾਰਤੀ ਰੇਲਵੇ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।
ਦਿੱਲੀ ਹਵਾਈ ਅੱਡੇ ‘ਤੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ 100 ਤੋਂ ਵੱਧ ਉਡਾਣਾਂ ‘ਚ ਦੇਰੀ ਹੋਈ। ਇਕ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਫਲਾਈਟ ਨੂੰ ਡਾਇਵਰਸ਼ਨ ਜਾਂ ਰੱਦ ਕਰਨ ਦੀ ਸੂਚਨਾ ਨਹੀਂ ਮਿਲੀ ਹੈ।