ਪੰਜਾਬ

ਕਿਸਾਨਾਂ ਨੂੰ 686ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ
ਫ਼ਰੀਦਕੋਟ ਅਪ੍ਰੈਲ 30

ਫ਼ਰੀਦਕੋਟ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਚਾਲੂ ਖਰੀਦ ਸੀਜ਼ਨ ਦੌਰਾਨ 5,50,000 ਮੀਟਰਿਕ ਟਨ ਕਣਕ ਦੀ ਖਰੀਦ  ਵਿਚੋਂ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਤੇ  ਜ਼ਿਲ੍ਹੇ ਦੇ 68 ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ

ਖਰੀਦ ਕੇਂਦਰਾਂ ਵਿੱਚੋਂ ਵੱਖ ਵੱਖ ਖ਼ਰੀਦ  ਏਜੰਸੀਆਂ ਵੱਲੋਂ 4,47,995 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿਚ ਕੋਵਿੰਡ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਮੰਡੀ ਬੋਰਡ, ਖਰੀਦ ਏਜੰਸੀਆਂ ਤੇ  ਆੜ੍ਹਤੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਤੋਂ ਇਲਾਵਾ ਸਰਕਾਰ

ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀ ਬੋਰਡ/ ਆੜ੍ਹਤੀਆਂ ਵੱਲੋਂ ਜਾਰੀ ਐਂਟਰੀ ਪਾਸਾਂ ਰਾਹੀਂ ਹੀ ਫ਼ਸਲ ਮੰਡੀ ਵਿੱਚ ਲਿਆਉਣ  ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮੰਡੀ ਬੋਰਡ/ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ 79 ਹਜ਼ਾਰ ਐਂਟਰੀ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ

ਕਿ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ  686 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਖਰੀਦ ਦਾ 85% ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਵੱਲੋਂ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਉਂਦੀ  ਗਈ ਹੈ ਅਤੇ ਹੁਣ ਤਕ

2,51,000 ਮੀਟਰਿਕ ਟਨ ਤੋਂ ਵੱਧ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਹੀ ਜ਼ਿਲ੍ਹੇ ਵਿੱਚ ਖਰੀਦ ਦਾ ਟੀਚਾ ਮੁਕੰਮਲ ਹੋਣ ਦੀ  ਉਮੀਦ ਹੈ ।

More from this section