ਕੈਬਨਿਟ ਮੰਤਰੀ ਅਰੋੜਾ ਨੇ ਮੁਹੱਲਾ ਕੀਰਤੀ ਨਗਰ ’ਚ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਅਗਸਤ 04
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹੈ, ਜਿਸ ਵਿੱਚ ਪੀਣ ਵਾਲਾ ਸਾਫ ਪਾਣੀ ਅਤੇ ਸੀਵਰੇਜ ਨੂੰ ਪਹਿਲ ਦਿੱਤੀ ਗਈ ਹੈ। ਉਹ ਮੁਹੱਲਾ ਕੀਰਤੀ ਨਗਰ ਵਿੱਚ ਵਾਰਡ ਨੰਬਰ 20 ਅਤੇ 27 ਦੇ ਲੋਕਾਂ ਦੀ ਸੁਵਿਧਾ ਦੇ ਲਈ ਲਗਾਏ ਗਏ ਟਿਊਬਵੈਲ ਦਾ ਉਦਘਾਟਨ ਕਰਨ ਦੇ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 25 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਸ ਟਿਊਬਵੈਲ ਨਾਲ ਵਾਰਡ ਨੰਬਰ 20 ਅਤੇ 27 ਦੇ ਮੁਹੱਲਾ ਕੀਰਤੀ ਨਗਰ, ਦੀਪ ਨਗਰ ਅਤੇ ਦਾਣਾ ਮੰਡੀ ਦੇ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸੁਵਿਧਾ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਨੂੰ ਲੈ ਕੇ ਦਿੱਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਉਨ੍ਹਾਂ ਸਾਰੀਆਂ ਥਾਵਾਂ ’ਤੇ ਟਿਊਬਵੈਲ ਲਗਾਏ ਜਾ ਰਹੇ ਹਨ ਜਿਥੇ ਲੋਕਾਂ ਨੂੰ ਪੀਣ ਦੇ ਪਾਣੀ ਸਬੰਧੀ ਦਿੱਕਤਾਂ ਆ ਰਹੀਆਂ ਹਨ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ 100 ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸੁਵਿਧਾ ਪਹੁੰਚਾਉਣਾ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ’ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਦੇਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਕੌਂਸਲਰ ਜਸਵੰਤ ਰਾਏ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਹਰਵਿੰਦਰ ਸਿੰਘ, ਪਰਮਜੀਤ ਸਿੰਘ ਟਿੰਮਾ, ਗੁਰਦੀਪ ਕਟੋਚ, ਯਸ਼ਪਾਲ, ਕੁਲਦੀਪ ਸਿੰਘ ਲਾਡੀ ਤੋਂ ਇਲਾਵਾ ਹੋਰ ਇਲਾਕਾ ਵਾਸੀ ਵੀ ਹਾਜ਼ਰ ਸਨ।

More from this section