ਫੈਕਟ ਸਮਾਚਾਰ ਸੇਵਾ
ਲੁਧਿਆਣਾ, ਫਰਵਰੀ 10
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ।
ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ) ਨਾਲ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਮੀਨੀ ਪੱਧਰ ‘ਤੇ ਪੁਲਿਸ ਵਿਭਾਗ ਦੀ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਸਬੰਧੀ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਮੁੰਡੀਆਂ ਨੇ ਅਧਿਕਾਰੀਆਂ ਨੂੰ ਨਸ਼ਿਆਂ ਅਤੇ ਅਪਰਾਧ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਬਰਕਰਾਰ ਰੱਖਦੇ ਹੋਏ ਮਨੁੱਖੀ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਹਾਲ ਹੀ ਦੇ ਮਹੀਨਿਆਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਪ੍ਰਗਤੀ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ.) ਸਿਸਟਮ ਵਿੱਚ ਸੁਧਾਰ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਜਨਤਕ ਕਾਲਾਂ ਪ੍ਰਤੀ ਵਧੇਰੇ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣ ਸਕੇ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਰਾਤ ਦੀ ਗਸ਼ਤ ਅਤੇ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਅਧਿਕਾਰੀਆਂ ਨੂੰ ਅਪਰਾਧ ਦਰਾਂ ਨੂੰ ਘਟਾਉਣ ਲਈ ਆਪਣੇ ਅਧਿਕਾਰ ਖੇਤਰਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁੜ ਦੁਹਰਾਇਆ ਕਿ ਸਰਕਾਰ ਅਪਰਾਧ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਪੁਲਿਸ ਨੂੰ ਅਪਰਾਧ-ਮੁਕਤ ਸਮਾਜ ਦੀ ਸਥਾਪਨਾ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।