ਪੰਜਾਬ

ਕੋਵਿਡ ਮਰੀਜ਼ਾਂ ਲਈ ਲੋੜੀਂਦੀ ਆਕਸੀਜਨ ਮੌਜੂਦ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਮਈ 5

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਿਮਲ ਕੁਮਾਰ ਸੇਤੀਆ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਕਸੀਜਨ ਗੈਸ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਜਾਂ ਇਸ ਦੀ ਯੋਗ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਕੋਲ ਮੌਜੂਦ ਆਕਸੀਜਨ ਗੈਸ ਦੇ ਸਟਾਕ, ਸਿਲੰਡਰ ਬਾਰੇ ਤੁਰੰਤ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੇਣ ਤਾਂ ਜੋ ਇਸ ਦੀ ਕਾਲਾਬਾਜ਼ਾਰੀ ਨੂੰ ਰੋਕਿਆ ਜਾ ਸਕੇ ਅਤੇ ਲੋੜਵੰਦਾਂ ਤਕ ਆਕਸੀਜਨ ਗੈਸ ਮੁਹਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਪਲਾਇਰਾਂ/ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ /ਡਾਕਟਰ ਦੀ ਸਿਫਾਰਸ਼ ਤੋਂ ਬਿਨਾਂ ਕਿਸੇ ਨੂੰ ਵੀ ਗੈਸ ਸਿਲੰਡਰ ਨਾ ਦੇਣ ਕਿਉਂਕਿ ਕਈ ਥਾਵਾਂ ਤੇ ਇਸ ਦੀ ਕਾਲਾਬਾਜ਼ਾਰੀ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਡੀਲਰ / ਸਪਲਾਇਰ ਆਪਣੇ ਕੋਲ ਮੌਜੂਦ ਗੈਸ ਦੇ ਭਰੇ ਅਤੇ ਖਾਲੀ ਸਿਲੰਡਰਾਂ ਬਾਰੇ ਤੁਰੰਤ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੇਣ।

ਇਸ ਸਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਡਾਕਟਰ ਸਰਬਦੀਪ ਸਿੰਘ ਰੋਮਾਣਾ ਨੇ ਦੱਸਿਆ ਕਿ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਵਿਡ ਕੇਅਰ ਸੈਂਟਰ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਲੋੜ ਅਨੁਸਾਰ ਸਟਾਕ ਮੌਜੂਦ ਹੈ ਅਤੇ ਜ਼ਰੂਰਤ ਪੈਣ ਤੇ ਹੀ ਸਪਲਾਇਰ ਜਾਂ ਉਦਯੋਗਾਂ ਤੋਂ ਆਕਸੀਜਨ ਗੈਸ ਲਈ ਜਾਵੇਗੀ।