ਪੰਜਾਬ

ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਹਫ਼ਤਾਵਰੀ ਕਰਫਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ 5 ਵਜੇ ਤੱਕ ਲੱਗੇਗਾ

ਫ਼ੈਕ੍ਟ ਸਮਾਚਾਰ ਸੇਵਾ
ਹੁਸ਼ਿਆਰਪੁਰ ਅਪ੍ਰੈਲ 27
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਅਤੇ ਨਿਆਂ ਵਿਭਾਗ,  ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਲਈ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਵਾਧੂ ਜ਼ਰੂਰੀ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ (ਮਲਟੀਪਲੈਕਸ ਅਤੇ ਮਾਲ ਵਿੱਚ ਸ਼ਾਪਿੰਗ ਦੁਕਾਨਾਂ ਸਹਿਤ) ਹਰ ਰੋਜ਼ ਸ਼ਾਮ 5 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ, ਇਨ੍ਹਾਂ ਦੁਕਾਨਾਂ ਵਲੋਂ ਰਾਤ 9  ਵਜੇ ਤੱਕ ਹੋਮ ਡਿਲੀਵਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਚੱਲਦੇ ਰਾਤ ਦੇ ਕਰਫਿਊ ਦੇ ਸਮੇਂ ਵਿੱਚ ਬਦਲਾਅ ਕਰਦੇ ਹੋਏ ਆਮ ਲੋਕਾਂ ਦੇ ਗੈਰ-ਜ਼ਰੂਰੀ ਆਵਾਜਾਈ ’ਤੇ ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਗੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹਫ਼ਤਾਵਰੀ ਕਰਫਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ। ਉਨ੍ਹਾਂ ਕਿਹਾ ਕਿ ਸੇਵਾ ਉਦਯੋਗ ਸਹਿਤ ਸਾਰੇ ਨਿੱਜੀ ਦਫ਼ਤਰਾਂ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਪਾਬੰਦੀਆਂ ਦੇ ਦੌਰਾਨ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ਬੰਦ ਰਹਿਣਗੀਆਂ ਜਦਕਿ ਕੋਵਿਡ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੈਮਿਸਟ ਸ਼ਾਪ ਅਤੇ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਜਿਵੇਂ ਦੁੱਧ, ਡੇਅਰੀ ਉਤਪਾਦ, ਸਬਜ਼ੀ ਅਤੇ ਫ਼ਲ ਆਦਿ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਨਿਰਮਾਣ ਉਦਯੋਗ ਅਤੇ ਇਸ ਵਿੱਚ ਕੰਮ ਕਰਨ ਵਾਲੇ ਕਰਮਚਾਰੀ, ਲੇਬਰ, ਵਾਹਨਾ ਤੋਂ ਇਲਾਵਾ ਰੇਲ, ਹਵਾਈ ਜਹਾਜ ਅਤੇ ਬੱਸਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਵਾਜਾਈ ਵਿੱਚ ਛੋਟ ਰਹੇਗੀ। ਸ਼ਹਿਰਾਂ ਅਤੇ ਪਿੰਡਾਂ  ਵਿੱਚ ਕੰਸਟਰੱਕਸ਼ਨ ਗਤੀਵਿਧੀਆਂ, ਖੇਤੀਬਾੜੀ, ਅਨਾਜ ਦੀ ਖਰੀਦ, ਬਾਗਵਾਨੀ, ਪਸ਼ੂ ਪਾਲਣ ਅਤੇ ਪਸ਼ੂ ਚਿਕਿਤਸਾ, ਈ-ਕਾਮਰਸ ਗਤੀਵਿਧੀਆਂ ਅਤੇ ਸਮਾਨ ਦੀ ਮੂਵਮੈਂਟ, ਵੈਕਸੀਨੇਸ਼ਨ ਆਊਟ ਰਿਚ ਕੈਂਪ ਆਦਿ ਨੂੰ ਵੀ ਛੋਟ ਰਹੇਗੀ। ਇਸ ਤੋਂ ਇਲਾਵਾ ਇਸ ਤੋਂ ਇਲਾਵਾ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਚੱਲਦੇ ਪੈਟਰੋਲ ਪੰਪਾਂ ਨੂੰ ਵੀ ਛੋਟ ਰਹੇਗੀ। ਅਪਨੀਤ ਰਿਆਤ ਨੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੁਕਮਾਂ ਦਾ ਸਖਤੀ ਨਾਲ ਪਾਲਣ ਕਰਵਾਉਣ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਦਾ ਦਾ ਵਿਸ਼ਾ ਹੈ ਜਿਸ ਦੇ ਮੱਦੇਨਜ਼ਰ ਬਾਜਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀ ਅਪਣਾਈ ਜਾਵੇ। ਜਿਸ ਦੇ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ। ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾਂ ਜਨਤਕ ਕੰਮ ਕਰਨ ਵਾਲੀਆਂ ਥਾਵਾਂ ’ਤੇ ਮਾਸਕ ਪਾਇਆ ਜਾਵੇ, ਜਨਤਕ ਥਾਵਾਂ ’ਤੇ ਨਾ ਥੁੱਕਿਆ ਜਾਵੇ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜਰ ਨਾਲ ਸਾਫ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਪਦਾ ਪ੍ਰਬੰਧਨ ਐਕਟ 1860 ਦੀਆਂ ਧਾਵਾਂ 51 ਤੋਂ 60 ਤੱਕ ਆਈ.ਪੀ.ਸੀ.ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।