ਪੰਜਾਬ

ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 132 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ
ਫਾਜ਼ਿਲਕਾ  ਅਪ੍ਰੈਲ 27
ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੰਡੀਆਂ `ਚ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਬੰਧੀ ਕਿਸੇ ਤਰਾਂ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਜਿਥੇ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਖਰੀਦ ਨਾਲੋ-ਨਾਲ ਕੀਤੀ ਜਾ ਰਹੀ ਹੈ ਉਥੇੇ ਖਰੀਦੀ ਫਸਲ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕਰਨ ਵਿਚ ਵੀ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ ਆਨਲਾਈਨ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਜ਼ਿਲੇ ਦੇ ਕਿਸਾਨਾਂ ਨੂੰ 132.12 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 39 ਕਰੋੜ, ਮਾਰਕਫੈੱਡ ਵੱਲੋਂ 9 ਕਰੋੜ, ਪਨਸਪ ਵੱਲੋਂ 44 ਕਰੋੜ, ਪੰਜਾਬ ਵੇਅਰ ਹਾਊਸ ਵੱਲੋਂ 23 ਕਰੋੜ ਅਤੇ ਐਫ.ਸੀ.ਆਈ. ਵੱਲੋਂ 17.12 ਕਰੋੜ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮਾਰਕੀਟ ਕਮੇਟੀਆਂ ਵੱਲੋਂ ਮੰਡੀਆਂ ਨੂੰ ਸੈਨੀਟਾਈਜ ਕੀਤਾ ਗਿਆ ਹੈ ਅਤੇ ਅਨਾਜ ਮੰਡੀਆ ਵਿੱਚ ਹੱਥ ਧੋਣ ਲਈ ਪਾਣੀ ਦੀਆਂ ਟੈਂਕੀਆਂ ਰੱਖੀਆਂ ਹੋਈਆਂ ਹਨ ਅਤੇ ਕਿਸਾਨਾਂ ਤੇ ਮਜਦੂਰਾਂ ਨੂੰ ਲਗਾਤਾਰ ਹੱਥ ਧੋਣ, ਮਾਸਕ ਲਾਉਣ ਅਤੇ ਸ਼ੋਸ਼ਲ ਦੂਰੀ ਬਣਾ ਕੇ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕਿਸਾਨਾਂ, ਮਜਦੂਰਾਂ, ਆੜਤੀਆਂ ਤੇ ਟੈਸਟ ਕੀਤੇ ਜਾ ਰਹੇ ਹਨ ਅਤੇ ਵੈਕਸੀਨੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚ ਕੁੱਲ 433591 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਪਨਗ੍ਰੇਨ ਵੱਲੋਂ 118838 ਮੀਟਰਕ ਟਨ, ਮਾਰਕਫੈੱਡ ਵੱਲੋਂ 111863 ਮੀਟਰਕ ਟਨ, ਪਨਸਪ ਵੱਲੋਂ 100875 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 62574 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 39441 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਖਰੀਦ ਕੇਂਦਰਾਂ ਵਿਚੋਂ 226227 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਲਈ ਆਦੇਸ਼ ਵੀ ਦਿੱਤੇ ਗਏ ਹਨ।