ਪੰਜਾਬ

ਖੁਰਾਕ ਸਪਲਾਈ ਵਿਭਾਗ ਵੱਲੋਂ ਦੋ ਰਾਸ਼ਨ ਡਿਪੂਆਂ ‘ਚ ਬੇਨਿਯਮੀਆਂ ਪਾਏ ਜਾਣ ‘ਤੇ ਕਣਕ ਵੰਡ ਨੂੰ ਕੀਤਾ ਮੁਅੱਤਲ

ਫ਼ੈਕ੍ਟ ਸਮਾਚਾਰ ਸੇਵਾ
ਲੁਧਿਆਣਾ,  ਮਈ 28
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ) ਅਧੀਨ ਲੋੜਵੰਦਾਂ ਨੂੰ ਕਣਕ ਦੀ ਵੰਡ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ, ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਅਚਨਚੇਤ ਚੈਕਿੰਗ ਦੌਰਾਨ ਪਾਈਆਂ ਗਈਆਂ ਵੱਖ ਵੱਖ ਉਣਤਾਈਆਂ ਤੋਂ ਬਾਅਦ ਦੋ ਰਾਸ਼ਨ ਡਿਪੂਆਂ ਦੀ ਕਣਕ ਸਪਲਾਈ ਨੂੰ ਮੁਅੱਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ  ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵੱਖ-ਵੱਖ ਇਲਾਕਿਆਂ ਵਿਚ ਕਣਕ ਵੰਡ ਮੁਹਿੰਮ ਪ੍ਰਕਿਰਿਆ ਵਿਚ ਢੁੱਕਵੀਂ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁਆਇਨਾ ਕਰਨ ਲਈ ਵਿਭਾਗ ਦੀਆਂ ਕਈ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਚੈਕਿੰਗ ਦੌਰਾਨ ਭਾਰ ਅਤੇ ਹੋਰਨਾਂ ਬੇਨਿਯਮੀਆਂ ਦਾ ਪਤਾ ਲਗਾਇਆ ਗਿਆ ਜਿਸ ਮਗਰੋਂ ਸਪਲਾਈ ਤੁਰੰਤ ਮੁਅੱਤਲ ਕਰ ਦਿੱਤੀ ਗਈ। ਇਸ ਦੌਰਾਨ ਡੀ.ਐਫ.ਐਸ.ਸੀ. ਨੇ ਆਟਾ ਚੱਕੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਲੋਕਾਂ ਵੱਲੋਂ ਪ੍ਰਾਪਤ ਕੀਤੀ ਕਣਕ ਦੀ ਗੁਣਵੱਤਾ ਬਾਰੇ ਫੀਡਬੈਕ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਣਕ ਦੀ ਗੁਣਵੱਤਾ ਸੰਤੁਸ਼ਟੀਜਨਕ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਕੁਲ 4.5 ਲੱਖ ਪਰਿਵਾਰਾਂ ਵਿਚੋਂ 1.25 ਲੱਖ ਪਰਿਵਾਰਾਂ ਨੂੰ ਕਣਕ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਗਿੱਲ ਨੇ ਇਹ ਵੀ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸ਼ੁਰੂ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਰਕਾਰ ਨੇ ਇੱਕ ਵਾਰ ਵਿੱਚ ਇੱਕ ਸਮਾਰਟ ਕਾਰਡ ਧਾਰਕ ਪਰਿਵਾਰ ਨੂੰ ਦੋ ਮਹੀਨਿਆਂ ਲਈ ਪ੍ਰਤੀ ਲਾਭਪਾਤਰੀ 5 ਕਿਲੋਗ੍ਰਾਮ ਕਣਕ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੁਰਾਕ ਸਿਵਲ ਅਤੇ ਸਪਲਾਈ ਮੰਤਰੀ  ਭਾਰਤ ਭੂਸ਼ਣ ਆਸ਼ੂ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹਨ ਕਿ ਕੋਈ ਵੀ ਵਿਅਕਤੀ, ਖ਼ਾਸਕਰ ਕੋਈ ਵੀ ਗਰੀਬ ਪਰਿਵਾਰ ਅਨਾਜ ਨਾ ਮਿਲਣ ਕਾਰਨ ਦੁਖੀ ਨਾ ਹੋਵੇ। ਉਨ੍ਹਾਂ ਕਿਹਾ ਕਿ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਸਹਾਇਤਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ  ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਵੰਡ ਲਈ  ਈ-ਪੋਜ਼ ਮਸ਼ੀਨਾਂ ਦੀ ਵਰਤੋਂ ਸਹੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। I/188725/2021