ਫੈਕਟ ਸਮਾਚਾਰ ਸੇਵਾ
ਜਲੰਧਰ, ਜਨਵਰੀ 15
ਪੁਲਿਸ ਵਿਭਾਗ ਪੰਜਾਬ ਅਪਰਾਧ ਦੀਆਂ ਘਟਨਾਵਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਅੱਜ ਸਵੇਰੇ ਸੀ.ਆਈ.ਏ. ਸਟਾਫ਼ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਗੁਰਗਿਆਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ।
ਜਾਣਕਾਰੀ ਅਨੁਸਾਰ ਲੰਮਾ ਪਿੰਡ ’ਚ ਹੋਏ ਦੋਹਰੇ ਕਤਲ ਕਾਂਡ ’ਚ ਗਿ੍ਫ਼ਤਾਰ ਦੋਸ਼ੀ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਪੁਲਿਸ ਉਸ ਨੂੰ ਘਟਨਾ ਵਾਲੀ ਥਾਂ ’ਤੇ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ ਸੀ। ਇਸ ਦੌਰਾਨ ਮੁਲਜ਼ਮ ਨੇ ਘਟਨਾ ਵਾਲੀ ਥਾਂ ਤੋਂ ਹਥਿਆਰ ਕੱਢਿਆ ਤੇ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋਸ਼ੀ ਦੀ ਲੱਤ ’ਚ ਗੋਲੀ ਵੱਜੀ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।