ਪੰਜਾਬ

ਜਿਲੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿੱਚ ਪਰਾਲੀ ਦੀ ਵਰਤੋਂ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ- ਸੇਤੀਆ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਸਤੰਬਰ 28
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲੇ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਤੇ ਜੀਵ ਜੰਤੂਆਂ ਸਮੇਤ ਮਨੁੱਖੀ ਜੀਵਨ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ, ਪੇਂਡੂ ਵਿਕਾਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਇਸ ਮੌਕੇ ਕਿਹਾ ਕਿ ਜਿਲਾ ਪ੍ਰਸ਼ਾਸ਼ਨ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਜਿੱਥੇ ਵੱਖ ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਤੀਬਾੜੀ ਵਿਭਾਗ ਵੱਲੋਂ ਜਿਲੇ ਦੇ ਕਿਸਾਨਾਂ ਨੂੰ ਸਬਸਿਡੀ ਤੇ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਕਿਸਾਨਾਂ, ਪੰਚਾਇਤਾਂ,ਸਹਿਕਾਰੀ ਸਭਾਵਾਂ ਤੇ ਕਸਟਮ ਹਾਇਰਿੰਗ ਸੈਂਟਰਾਂ ਦੁਆਰਾ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੇ ਪਸ਼ੂਆਂ ਦੇ ਚਾਰੇ ਵਿੱਚ ਵਰਤੋਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਇਸ ਸਬੰਧੀ ਜਿਲੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਪਸ਼ੂਆਂ ਦੇ ਚਾਰੇ ਵਿੱਚ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਪ੍ਰੋਜੈਕਟ ਡਾਇਰੈਕਟਰ ਆਤਮਾ  ਅਮਨਦੀਪ ਕੇਸ਼ਵ ਨੂੰ ਹਦਾਇਤ ਕੀਤੀ ਕਿ ਉਹ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨਾਲ ਗੱਲਬਾਤ ਕਰਕੇ ਪਰਾਲੀ ਦੀ ਚਾਰੇ ਵਜੋਂ ਵਰਤੋਂ ਦੀ ਤਕਨੀਕ ਸਬੰਧੀ ਵੱਖ ਵੱਖ  ਪਿੰਡਾਂ ਵਿੱਚ ਕੈਂਪਾਂ ਦਾ ਆਯੋਜਨ ਕਰਨ ਤਾਂ ਜੋ ਲੋਕਾਂ ਨੂੰ ਇਸ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਮਿਲ ਸਕੇ। ਇਸ ਮੌਕੇ ਡੀ.ਡੀ.ਪੀ.ਓ. ਬਲਜੀਤ ਸਿੰਘ ਕੈਂਥ, ਡਾ ਜਸਵਿੰਦਰ ਗਰਗ, ਭੁਪੇਸ਼ ਜੋਸ਼ੀ, ਸਹਿਕਾਰੀ ਵਿਭਾਗ ਦੇ ਨੁਮਾਇੰਦੇ, ਅਗਾਂਹਵਧੂ ਕਿਸਾਨ ਸੁਖਪ੍ਰੀਤ ਸਿੰਘ ਮੁਮਾਰਾ ਵੀ ਹਾਜ਼ਰ ਸਨ।