View in English:
October 23, 2024 11:19 pm

ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ

ਫੈਕਟ ਸਮਾਚਾਰ ਸੇਵਾ

ਨਾਭਾ, ਅਕਤੂਬਰ 23

ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਨਾਭਾ ਅਨਾਜ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ।

ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨਾਭਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ।

ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ। ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ।

ਇਸ ਮੌਕੇ ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਮਾਰਕੀਟ ਕਮੇਟੀ ਸਕੱਤਰ ਅਸ਼ਵਨੀ ਮਹਿਤਾ, ਏਐਫਐਸਓ ਪੰਕਜ ਠਾਕਰ, ਬਰਿੰਦਰ ਸਿੰਘ ਇੰਸਪੈਕਟਰ ਪਨਗ੍ਰੇਨ, ਮੰਡੀ ਸੁਪਰਵਾਈਜ਼ਰ ਗੁਰਮਾਣਕ ਸਿੰਘ, ਦਲਜੀਤ ਸਿੰਘ ਖੱਟੜਾ ਆਦਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English