ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਅਕਤੂਬਰ 16

ਜਿਲੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਰੋਜ਼ਾਨਾ ਹੀ ਖਰੀਦ ਏਜੰਸੀਆਂ ਅਤੇ ਮੰਡੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗਾ ਦਾ ਦੌਰ ਜਾਰੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜਤੀਆਂ ਜਾਂ ਲੇਬਰ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਕਿਉਂਕਿ ਮੰਡੀਆ ਵਿੱਚ ਦਾਖਲ ਹੋਣ ਵੇਲੇ ਝੋਨੇ ਦੀ ਨਮੀ ਚੈੱਕ ਕੀਤੀ ਜਾਂਦੀ ਹੈ।ਇਸ ਲਈ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 71186 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 40635 ਮੀਟ੍ਰਿਕ ਟਨ, ਮਾਰਕਫੈਡ ਨੇ 37864 ਮੀਟ੍ਰਿਕ ਟਨ,  ਪਨਸਪ ਨੇ 29783 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 12430 ਮੀਟ੍ਰਿਕ ਟਨ, ਐਫ.ਸੀ.ਆਈ 538 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1472 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 56432 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਅਫਸਰਾਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋ ਜ਼ੋ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 09:00 ਤੋਂ ਸਾਮ: 07:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਝੌਨੇ ਦੀ ਕਟਾਈ ਮੌਕੇ ਕੰਬਾਇਨ ਉੱਪਰ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਚਾਲੂ ਹਾਲਤ ਵਿੱਚ ਲੱਗਾ ਹੋਣਾ ਜਰੂਰੀ ਹੈ, ਅਤੇ ਝੌਨੇ ਦੀ ਰਹਿਦ-ਖੂਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੈ।

ਇਸ ਮੌਕੇ ਮੈਡਮ ਜਸਜੀਤ ਕੌਰ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਜਿਲਾ ਮੰਡੀ ਅਫਸਰ, ਸ੍ਰੀ ਸਲੋਧ ਕੁਮਾਰ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।