ਪੰਜਾਬ

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਫ਼ਰੀਦਕੋਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ
ਫ਼ਰੀਦਕੋਟ,  ਅਪ੍ਰੈਲ 27
ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਅੱਜ ਇੱਥੋਂ ਦੇ ਅਰਾਈਆਂਵਾਲਾ ਰੋਡ ਤੇ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ ਟੀ ਪੀ )ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਸੀਵਰੇਜ ਬੋਰਡ ਦੇ ਐਕਸੀਅਨ  ਪਾਰੁਲ  ਗੋਇਲ ਅਤੇ ਐੱਸ ਡੀ ਓ ਗੁਰਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਇਸ ਮੌਕੇ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਲਈ ਸੀਵਰੇਜ ਟਰੀਟਮੈਂਟ ਪਲਾਂਟ ਬਹੁਤ ਹੀ ਵੱਕਾਰੀ ਪ੍ਰਾਜੈਕਟ ਹੈ  ਜਿਸ ਤੇ ਪੰਜਾਬ ਸਰਕਾਰ ਵੱਲੋਂ 25 ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਇਸ ਟਰੀਟਮੈਂਟ ਪਲਾਂਟ ਦੇ ਚਾਲੂ ਹੋਣ ਉਪਰੰਤ ਸ਼ਹਿਰ ਦੇ ਸੀਵਰੇਜ ਦੇ ਸਾਰੇ  ਪਾਣੀ ਨੂੰ ਸਾਫ ਕਰ ਕੇ ਉਸ ਨੂੰ ਖੇਤੀ ਵਾਸਤੇ ਸਿੰਚਾਈ ਲਈ ਵਰਤਿਆ ਜਾਵੇਗਾ । ਉਨ੍ਹਾਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੀਟਮੈਂਟ ਪਲਾਂਟ ਦੀ ਉਸਾਰੀ ਦਾ ਕੰਮ ਮਿਥੇ ਸਮੇਂ ਵਿੱਚ ਪੂਰਾ ਹੋਣਾ ਚਾਹੀਦਾ ਹੈ ਅਤੇ ਸਾਰਾ ਕੰਮ ਮਿਆਰੀ ਅਤੇ  ਉੱਚ ਦਰਜੇ ਦਾ ਹੋਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ  । ਸੀਵਰੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ  ਪਾਰੁਲ ਪ ਗੋਇਲ  ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ  ਫ਼ਰੀਦਕੋਟ ਦਾ ਟਰੀਟਮੈਂਟ ਪਲਾਂਟ ਇਕ ਸਾਲ ਦੇ ਮਿੱਥੇ ਸਮੇਂ ਵਿਚ ਮੁਕੰਮਲ ਹੋ ਜਾਵੇਗਾ , ਜਿਸ ਉਪਰੰਤ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਟਰੀਟਮੈਂਟ ਪਲਾਂਟ ਦੀ ਉਸਾਰੀ ਦਾ ਕੰਮ ਮਿਥੇ ਸਮੇਂ ਵਿਚ ਪੂਰਾ ਕਰ ਲਿਆ ਜਾਵੇਗਾ।