ਫੈਕਟ ਸਮਾਚਾਰ ਸੇਵਾ
ਗੋਇੰਦਵਾਲ ਸਾਹਿਬ, ਅਗਸਤ 19
ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਵਹਿੰਦੇ ਦਰਿਆ ਬਿਆਸ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਗੋਇੰਦਵਾਲ ਸਾਹਿਬ, ਵੈਰੋਵਾਲ, ਗਗੜੇਵਾਲ, ਚੱਕ ਗਗੜੇਵਾਲ, ਖੱਖ ਅਤੇ ਮਿਆਣੀ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਰਿਆ ਬਿਆਸ ਕੰਡੇ ਵਸੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏੇ ਹਨ।ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆ ਵਿੱਚ ਪਾਣੀ ਦੇ ਵਹਾਅ ਅਤੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧੇ ਹੋਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸਬੰਧਿਤ ਵਿਭਾਗਾਂ ਵੱਲੋਂ ਰਿਪੋਰਟ ਲਈ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਮਿਲ ਸਕੇ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਸਬ-ਡਵੀਜ਼ਨ ਪੱਟੀ ਲਈ ਫੋਨ ਨੰਬਰ 0185-245930, ਸਬ-ਡਵੀਜ਼ਨ ਖਡੂਰ ਸਾਹਿਬ ਲਈ 01859-237358, ਸਬ-ਡਵੀਜ਼ਨ ਤਰਨ ਤਾਰਨ ਲਈ ਫੋਨ ਨੰਬਰ 01852-222555 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।