ਪੰਜਾਬ

ਡੀ ਸੀ ਵੱਲੋਂ ਬਲਾਕ ਫਰੀਦਕੋਟ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ
ਫ਼ਰੀਦਕੋਟ, ਮਈ 19
ਡਿਪਟੀ ਕਮਿਸ਼ਨਰ ਫ਼ਰੀਦਕੋਟ  ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਰੋਕਣ, ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਅਤੇ ਇਕਾਂਤਵਾਸ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਟਰੈਕਿੰਗ ਤੇ ਇਲਾਜ ਆਦਿ ਲਈ ਪਿੰਡਾਂ ਦੀਆਂ ਪੰਚਾਇਤਾਂ/ਯੂਥ ਕਲੱਬਾਂ ਤੇ ਪਿੰਡ ਵਾਸੀਆਂ ਦਾ ਸਹਿਯੋਗ ਲੈਣ ਲਈ ਬਲਾਕ ਫ਼ਰੀਦਕੋਟ ਦੇ ਸਰਪੰਚਾਂ ਨਾਲ ਪੜਾਅ ਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ 25-25 ਪਿੰਡਾਂ ਦੇ ਸਰਪੰਚਾਂ ਨੂੰ ਸ਼ਾਮਲ ਕੀਤਾ ਗਿਆ । ਉਨ੍ਹਾਂ ਸਰਪੰਚਾਂ ਨੂੰ ਇਸ ਕੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ । ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕਰੋਨਾ ਦੇ ਦੂਜੇ ਸਟਰੇਨ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ ਤੇ ਸਾਡੇ ਵੱਲੋਂ ਸਾਵਧਾਨੀਆਂ ਵਰਤਣ ਪ੍ਰਤੀ ਵਿਖਾਏ ਗਏ ਅਵੇਸਲੇਪਣ ਕਾਰਨ ਇਸ ਬਿਮਾਰੀ ਨੇ ਹੁਣ ਪੇਂਡੂ ਖੇਤਰਾਂ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜੋ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਅਤੇ ਹੁਣ ਅਸੀਂ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਜਿੱਥੇ ਪੰਚਾਇਤਾਂ, ਯੂਥ ਕਲੱਬਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਨ, ਜਿਵੇਂ ਕਿ ਖੰਘ, ਜ਼ੁਕਾਮ, ਬੁਖਾਰ ਆਦਿ ਦੇ ਲੱਛਣ ਆਉਣ ਤੇ ਤੁਰੰਤ ਕਰੋਨਾ ਟੈਸਟ ਕਰਵਾਉਣ। ਪਾਜ਼ੀਟਿਵ ਆਉਣ ਦੀ ਸੂਰਤ ਵਿਚ ਡਾਕਟਰ ਦੀ ਸਲਾਹ ਨਾਲ ਘਰ ਵਿਚ ਇਕਾਂਤਵਾਸ ਰਹਿਣ ਅਤੇ ਸਾਹ ਲੈਣ ਵਿੱਚ ਜ਼ਿਆਦਾ ਪ੍ਰੇਸ਼ਾਨੀ ਆਉਣ ਤੇ ਐੱਲ ਟੂ ਇਲਾਜ ਦੀ ਸੁਵਿਧਾ ਪ੍ਰਾਪਤ ਕਰਨ ਪ੍ਰਤੀ ਵੱਧ ਤੋਂ ਵੱਧ ਜਾਣਕਾਰੀ ਦੇਣਾ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਘਰ ਘਰ ਜਾ ਕੇ ਮਾਸਕ ਪਾਉਣ, ਦੋ ਗਜ਼ ਦੀ ਸਮਾਜਿਕ ਦੂਰੀ, ਲੋੜ ਤੋਂ ਬਿਨਾਂ ਘਰੋਂ ਨਾ ਨਿਕਲਣ, ਸਮੇਂ ਸਮੇਂ ਤੇ ਹੱਥ ਧੋਣ ਆਦਿ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਵਿੱਚ ਪਿੰਡਾਂ ਦੇ ਸਰਪੰਚ, ਸਾਬਕਾ ਫੌਜੀਆਂ ਦਾ ਵੀ ਸਹਿਯੋਗ ਲੈਣ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਆਸ਼ਾ ਵਰਕਰ, ਮਾਲ ਵਿਭਾਗ,ਪੁਲਿਸ ਆਦਿ ਦੇ ਸਹਿਯੋਗ ਨਾਲ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ 100 ਪ੍ਰਤੀਸ਼ਤ ਟੈਸਟਿੰਗ ਅਤੇ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 100 ਪ੍ਰਤੀਸ਼ਤ ਟੀਕਾਕਰਣ ਮੁਕੰਮਲ ਕਰਨ ਵਾਲੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਰਪੰਚਾਂ ਨੂੰ ਇਹ ਵੀ ਕਿਹਾ ਕਿ ਕਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਹੀ ਕਰੋਨਾ ਫਤਿਹ ਕਿੱਟ ਮੁਹੱਈਆ ਕਰਵਾਈ ਜਾਵੇਗੀ। ਜਿਸ ਵਿੱਚ ਕਰੋਨਾ ਤੋਂ ਬਚਾਅ ਲਈ ਦਵਾਈਆਂ,ਥਰਮਾਮੀਟਰ, ਆਕਸੀਮੀਟਰ ਸਮੇਤ ਸਾਵਧਾਨੀਆਂ ਵਰਤਣ ਵਾਲੀ ਬੁੱਕਲੇਟ ਆਦਿ ਸ਼ਾਮਲ ਹੈ, ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ)  ਪ੍ਰੀਤ ਮਹਿੰਦਰ ਸਹੋਤਾ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਤੇ ਪੰਚਾਇਤਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀਕੈਂਡ ਲਾਕ ਡਾਊਨ ਵੇਲੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰਾਂ ਤੋਂ ਬਾਹਰ ਨਾ ਨਿਕਲਣ । ਇਸ ਮੌਕੇ ਸਿਵਲ ਸਰਜਨ ਡਾ ਸੰਜੇ ਕਪੂਰ ਨੇ ਕਿਹਾ ਕਿ ਅਸੀਂ ਲੋਕਾਂ ਵਿੱਚ ਜਾਗਰੂਕਤਾ, ਟੈਸਟਿੰਗ ਅਤੇ ਟੀਕਾਕਰਨ ਰਾਹੀਂ ਹੀ ਇਸ ਬਿਮਾਰੀ ਤੇ ਫ਼ਤਿਹ ਹਾਸਲ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਕਰੋਨਾ ਦਾ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ ਇਸ ਦਾ ਸਿਹਤ ਤੇ ਕੋਈ ਵੀ ਪ੍ਰਭਾਵ ਬੁਰਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਇਸ ਮਹਾਂਮਾਰੀ ਤੇ ਫਤਿਹ ਹਾਸਲ ਕਰਾਂਗੇ। ਇਸ ਮੌਕੇ ਹਾਜ਼ਰ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਉਹ ਪਿੰਡਾਂ ਵਿੱਚ ਕਰੋਨਾ ਟੈਸਟਿੰਗ,ਟੀਕਾਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਪੂਰਾ ਸਹਿਯੋਗ ਦੇ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਗੇ।

More from this section