ਪੰਜਾਬ

ਤ੍ਰਿਪਤ ਬਾਜਵਾ ਨੇ ਮੱਛੀ ਉਤਪਾਦਨ ਵਿੱਚ ਵਾਧਾ ਕਰਨ ਲਈ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 10
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮੱਛੀ ਪਾਲਣ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਾਲ 2020-21 ਦੌਰਾਨ 1246 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਅਤੇ ਕਿਸਾਨਾਂ ਵੱਲੋਂ 787 ਟਨ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ 16440 ਹੈਕਟੇਅਰ ਰਕਬੇ ਵਿਚੋਂ 132171 ਟਨ ਮੱਛੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਦੇ ਬਾਵਜੂਦ ਮੱਛੀ ਪੂੰਗ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਗਈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮੱਛੀ ਪੂੰਗ ਵੀ ਸਪਲਾਈ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਮੱਛੀ ਫਾਰਮਾਂ ਤੋਂ 1,387 ਲੱਖ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਕੋਵਿਡ-19 ਦੌਰਾਨ ਸੂਬੇ ਵਿੱਚ ਮੱਛੀ ਪਾਲਕਾਂ ਦੀ ਸਹਾਇਤਾ ਅਤੇ ਉਤਸ਼ਾਹਤ ਕਰਨ ਲਈ ਮੱਛੀ ਪਾਲਣ ਵਿਭਾਗ ਦੀ ਸਹਾਇਤਾ ਨਾਲ ਝੀਂਗਾ ਮੱਛੀ ਦੀ ਖੇਤੀ ਕਰਵਾਈ ਗਈ। ਇਸ ਸਮੇਂ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਨ ਲਈ 450 ਰੁਪਏ ਪ੍ਰਤੀ ਕਿਲੋ ਦੀ ਕੀਮਤ ਮਿਲੀ ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ। ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੱਛੀ ਦੇ ਮੰਡੀਕਰਨ ਵਿੱਚ ਸੁਧਾਰ ਲਿਆਉਣ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੱਛੀ ਦੇ ਉਤਪਾਦਨ ਨੂੰ ਵਧਾਉਣ ਲਈ ਨਵੀਂ ਤਕਨਾਲੋਜੀ ਜਿਵੇਂ ਸਰਕੁਲੇਟਰੀ ਐਕੁਆਕਲਚਰ ਸਿਸਟਮ, ਬਾਇਓਟੈਕਨਾਲੌਜੀ ਨੂੰ ਅਪਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਵਿਕਰੇਤਾਵਾਂ ਨੂੰ ਆਟੋ ਰਿਕਸ਼ਾ ਅਤੇ ਰੈਫਰੀਜ਼ੇਟਰ ਗੱਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੱਛੀ ਦੀਆਂ ਢੁੱਕਵੀਆਂ ਕਿਸਮਾਂ ਦੀ ਪੈਦਾਵਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੰਤਰੀ ਨੇ ਇੱਕ ਵਾਰ ਫਿਰ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ।