ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 10
ਦਿੱਲੀ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਦੇ ਰਾਸ਼ਟਰੀ ਕਨਵੀਨਰ ਨੇ ਭਲਕੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਵਿੱਚ ਮੀਟਿੰਗ ਲਈ ਬੁਲਾਇਆ ਹੈ। ਇਸ ਕਾਰਨ ਅੱਜ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ।
ਦਰਅਸਲ ਦਿੱਲੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿਰਫ ਪੰਜਾਬ ਵਿੱਚ ਹੀ ਬਚੀ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵੱਲ ਮੁੜ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੇ ਕਈ ਵਿਧਾਇਕ ਪਾਰਟੀ ਛੱਡਣ ਲਈ ਤਿਆਰ ਹਨ। ਅਜਿਹੀ ਸਥਿਤੀ ਵਿੱਚ ‘ਆਪ’ ‘ਚ ਆਉਣ ਵਾਲੇ ਦਿਨਾਂ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ‘ਆਪ’ ਸੂਬੇ ਵਿੱਚ ਮੱਧਕਾਲੀ ਚੋਣਾਂ ਕਰਵਾਉਣ ਦੀ ਰਣਨੀਤੀ ਵੀ ਤਿਆਰ ਕਰ ਸਕਦੀ ਹੈ।