ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 19
ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਨ੍ਹਾਂ ਵਿੱਚ ਪੰਜਾਬ ਦੇ ਤਿੰਨ ਦਿੱਗਜ ਆਗੂਆਂ ਨੂੰ ਥਾਂ ਦਿੱਤੀ ਗਈ ਹੈ।
ਸ਼ਨੀਵਾਰ ਨੂੰ ਜਾਰੀ ਕੀਤੀ ਗਈ ਇਸ ਸੂਚੀ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਟਾਰ ਪ੍ਰਚਾਰਕ ਹੋਣਗੇ।
ਤੀਜੇ ਨਾਂ ਵਜੋਂ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਅਤੇ ਕੁੱਲ ਹਿੰਦ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਨਾਂ ਚੁਣਿਆ ਗਿਆ ਹੈ। ਖਹਿਰਾ ਨੂੰ ਪਾਰਟੀ ਵਿੱਚ ਫਾਇਰ ਬ੍ਰਾਂਡ ਲੀਡਰ ਮੰਨਿਆ ਜਾਂਦਾ ਹੈ ਅਤੇ ਐਨਆਰਆਈ ਪੱਟੀ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
ਇਨ੍ਹਾਂ ਆਗੂਆਂ ਦੀ ਨਿਯੁਕਤੀ ਤੋਂ ਸਾਫ਼ ਹੈ ਕਿ ਕਾਂਗਰਸ ਦਿੱਲੀ ਵਿੱਚ ਪੰਜਾਬੀ ਵੋਟਰਾਂ ਨੂੰ ਲੁਭਾਉਣ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਪਾਰਟੀ ਨੇ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਤਜਰਬੇਕਾਰ ਅਤੇ ਹੇਠਲੇ ਪੱਧਰ ਦੇ ਆਗੂਆਂ ਨੂੰ ਸੌਂਪੀ ਹੈ, ਜੋ ਚੋਣ ਪ੍ਰਚਾਰ ਨੂੰ ਨਵੀਂ ਊਰਜਾ ਦੇ ਸਕਦੇ ਹਨ।