ਪੰਜਾਬ

ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਜੂਨ 26

ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ  ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਢੰਗ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ ,ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ  ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ । ਇਸ ਸਬੰਧੀ  ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਐਨ. ਆਈ. ਸੀ ਮੀਟਿੰਗ ਹਾਲ ਵਿਖੇ ਹੋਇਆ ,ਜਿਸ ਵਿੱਚ ਡਿਪਟੀ ਕਮਿਸ਼ਨਰ  ਵਿਮਲ ਕੁਮਾਰ  ਸੇਤੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ  ।

ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਨੂੰ ਖਤਮ ਕਰਕੇ ਹੀ ਦਮ ਲਵੇਗੀ। ਉਨ੍ਹਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ  ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਭਨਾਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।

ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ  ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ,ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ।

ਇਸ ਮੌਕੇ ਸਥਾਨਕ ਐਨ.ਆਈ.ਸੀ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਡੈਪੋ, ਬਡੀ ਪ੍ਰੋਗਰਾਮਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਇਸ ਉਪਰਾਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ  ਸਕੂਲਾਂ ਵਿਚ 13005 ਬਡੀ ਗਰੁੱਪ ਬਣਾਏ ਗਏ ਹਨ ਜੋ ਆਪਣੇ ਸਹਿਯੋਗੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਹਫ਼ਤੇ ਵਿੱਚ ਵੀ   ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਅਤੇ ਇਸ ਲਈ ਜ਼ਿਲ੍ਹੇ ਦੇ ਸਮੂਹ ਵਰਗਾਂ ਦਾ ਸਹਿਯੋਗ ਲਿਆ ਜਾਵੇਗਾ।

ਇਸ ਮੌਕੇ  ਉਨ੍ਹਾਂ ਦੇ ਨਾਲ ਡੀ. ਈ .ਓ ਸੈਕੰਡਰੀ ਸਤਪਾਲ,ਡਿਪਟੀ ਡੀ ਈ ਓ ਪ੍ਰਦੀਪ ਦਿਉਡ਼ਾ, ਐਸ.ਐਮ.ਓ ਡਾ ਚੰਦਰ ਸ਼ੇਖਰ ਕੱਕੜ, ਡੀ .ਐਸ. ਪੀ ਅਵਤਾਰ ਚੰਦ  ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ  ।