ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੁਮਿਕਾ ਨਿਭਾਅ ਰਿਹੈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ

ਫ਼ੈਕ੍ਟ ਸਮਾਚਾਰ ਸੇਵਾ
ਜਲੰਧਰ, ਅਪ੍ਰੈਲ 27

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੁਮਿਕਾ ਨਿਭਾਈ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਡੀ.ਬੀ.ਈ.ਈ. ਵੱਲੋਂ ਜਿਥੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਉਥੇ ਵੱਖ-ਵੱਖ ਭਲਾਈ ਸਕੀਮਾਂ ਅਧੀਨ ਵੱਖ-ਵੱਖ ਬੈਂਕਾਂ ਵੱਲੋਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਦਿੱਤੇ ਜਾਣ ਵਾਲੇ ਸਵੈ-ਰੋਜ਼ਗਾਰ ਕਰਜ਼ਿਆਂ ਸਬੰਧੀ ਅਪਲਾਈ ਕਰਵਾਉਣ ਵਿੱਚ ਵੀ ਪੂਰੀ ਸਹਾਇਤਾ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਐਸ.ਸੀ. ਕਾਰਪੋਰੇਸ਼ਨ, ਬੈਕਫਿੰਕੋ, ਖਾਦੀ ਬੋਰਡ, ਮੱਛੀ ਪਾਲਣ, ਪਸ਼ੂ ਪਾਲਣ, ਖੇਤੀਬਾੜੀ, ਜ਼ਿਲ੍ਹਾ ਉਦਯੋਗ ਕੇਂਦਰ ਆਦਿ ਵੱਲੋਂ ਨੌਜਵਾਨਾਂ ਨੂੰ ਘੱਟ ਵਿਆਜ ਦਰਾਂ ‘ਤੇ ਦਿੱਤੇ ਜਾਣ ਵਾਲੇ ਸਵੈ ਰੋਜ਼ਗਾਰ ਕਰਜ਼ਿਆਂ ਅਤੇ ਸਿਖਲਾਈ ਆਦਿ ਮੁਹੱਈਆ ਕਰਵਾਉਣ ਵਿੱਚ ਵੀ ਨੌਜਵਾਨਾਂ ਨੂੰ ਯੋਗ ਅਗਵਾਈ ਦਿੱਤੀ ਜਾਂਦੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਕਰਜ਼ੇ ਬਿਨੈਕਾਰ ਦੀ ਜ਼ਰੂਰਤ ਮੁਤਾਬਕ ਇਕ ਲੱਖ ਰੁਪਏ ਤੋਂ 25 ਲੱਖ ਰੁਪਏ ਦੀ ਰਾਸ਼ੀ ਤੱਕ ਮੁਹੱਈਆ ਕਰਵਾਏ ਜਾਂਦੇ ਹਨ।

ਡਿਪਟੀ ਡਾਇਰੈਕਟਰ ਨੇ ਕਿਹਾ ਕਿ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਹਿਸੀਲ ਕੰਪਲੈਕਸ, ਤੀਸਰੀ ਮੰਜ਼ਿਲ, ਜਲੰਧਰ ਵਿਖੇ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ‘ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਪ੍ਰਕਿਰਿਆ ਨੂੰ ਢੁੱਕਵੀ ਅਗਵਾਈ ਦਿੰਦਿਆਂ ਉਨ੍ਹਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਲਈ ਅਪਲਾਈ ਕਰਵਾਇਆ ਜਾ ਸਕੇ।

More from this section