ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 30
ਦੀਵਾਲੀ ‘ਤੇ ਹਰਿਆਣਾ ਅਤੇ ਐੱਸਸੀਆਰ ਦੇ ਲੋਕਾਂ ਨੂੰ ਸਾਹ ਘੁੱਟਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਜਿੱਥੇ ਪਰਾਲੀ ਸਾੜਨ ਦੇ ਦੋਸ਼ੀ ਕਿਸਾਨਾਂ ਖਿਲਾਫ਼ 100 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਉਥੇ ਹੀ 360 ਕਿਸਾਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ।
ਸਰਕਾਰ ਦੀ ਇਹ ਕਾਰਵਾਈ ਨਾ ਸਿਰਫ਼ ਕਿਸਾਨਾਂ ਦੇ ਖ਼ਿਲਾਫ਼ ਸੀ, ਸਗੋਂ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਨੋਡਲ ਅਫ਼ਸਰਾਂ ਖ਼ਿਲਾਫ਼ ਵੀ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਸੂਬਾ ਸਰਕਾਰ ਨੇ ਅਜਿਹੇ 25 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਪਹਿਲੀ ਵਾਰ ਹੈ ਕਿ ਸੂਬੇ ਵਿੱਚ ਅਜਿਹੀ ਵੱਡੀ ਕਾਰਵਾਈ ਕੀਤੀ ਗਈ ਹੈ, ਜਦੋਂ ਪ੍ਰਦੂਸ਼ਣ ਫੈਲਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੇ ਨਾ ਤਾਂ ਆਪੋ-ਆਪਣੇ ਖੇਤਰਾਂ ਵਿੱਚ ਸਹੀ ਨਿਰੀਖਣ ਕੀਤਾ ਅਤੇ ਨਾ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ। ਸਰਕਾਰ ਨੇ ਕਰੀਬ 250 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਦੇ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਕਰੀਬ 10 ਲੱਖ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ ਹਨ।