ਪੰਜਾਬ

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸਹਾਇਕ ਸਾਬਤ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ : ਡਾ. ਵਿਨੇ ਕੁਮਾਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, 31 ਮਈ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਕਿਸਾਨ ਕਾਮਯਾਬ ਪੰਜਾਬ ਮਿਸ਼ਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬਾ ਵਧਾਉਣ ਲਈ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦੇ ਝਾੜ ’ਤੇ ਵੀ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਬਹੁਤ ਸਹਾਇਕ ਸਾਬਤ ਹੁੰਦੀ ਹੈ। ਇਸ ਲਈ ਸਾਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਜਾਂ ਤਕਨੀਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਕਰੀਬ 30 ਲੱਖ ਹੈਕਟੇਅਰ ਕਰਬੇ ’ਤੇ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਜਾਂਦੀ ਹੈ, ਜਿਸ ਨੂੰ ਪਾਲਣ ਲਈ ਧਰਤੀ ਹੇਠੋਂ ਟਿਊਬਵੈਲ ਰਾਹੀਂ ਪਾਣੀ ਕੱਢਣਾ ਪੈਂਦਾ ਹੈ। ਇਕ ਅਨੁਮਾਨ ਅਨੁਸਾਰ ਇਕ ਕਿਲੋ ਚਾਵਲ ਪੈਦਾ ਕਰਨ ਲਈ 3000 ਤੋਂ 4000 ਲੀਟਰ ਪਾਣੀ ਦੀ ਲੋੜ ਪੈਂਦੀ ਹੈ, ਜਿਸ ਕਾਰਨ ਖਰੀਫ਼ ਦੀ ਝੋਨੇ ਦੀ ਫ਼ਸਲ ਨੂੰ ਪੈਦਾ ਕਰਨ ਲਈ ਲੱਖਾਂ ਲੀਟਰ ਪਾਣੀ ਦਾ ਪ੍ਰਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਪੈਦਾ ਕਰਨ ਲਈ ਧਰਤੀ ਤੋਂ ਕੱਢੇ ਗਏ ਪਾਣੀ ਦਾ ਜਿਆਦਾਤਰ ਹਿੱਸਾ ਵਾਸ਼ਪੀਕਰਨ ਰਾਹੀਂ ਉਡ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਹਮੇਸ਼ਾਂ ਦਰਮਿਆਨੀ ਤੋਂ ਭਾਰੀ ਜਮੀਨਾਂ ’ਤੇ ਹੀ ਕਰਨਾ ਚਾਹੀਦੀ ਹੈ ਅਤੇ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਨੂੰ ਹੀ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।