ਪੀ.ਐਮ.ਜੀ.ਕੇ.ਏ.ਵਾਈ ਸਕੀਮ ਅਧੀਨ ਲੋਕਾਂ ਨੂੰ ਵੰਡੀ ਜਾ ਚੁੱਕੀ ਹੈ 28 ਹਜ਼ਾਰ ਕੁਇੰਟਲ ਕਣਕ

ਫ਼ੈਕ੍ਟ ਸਮਾਚਾਰ ਸੇਵਾ
ਲੁਧਿਆਣਾ, ਮਈ 25
ਲੋੜਵੰਦ ਲੋਕਾਂ ਲਈ ਕਣਕ ਦੀ ਮੁਫਤ ਸਪਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ  ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ) ਤਹਿਤ ਹੁਣ ਤੱਕ ਲੋੜਵੰਦ ਲੋਕਾਂ ਨੂੰ 28 ਹਜ਼ਾਰ ਕੁਇੰਟਲ ਕਣਕ ਦੀ ਸਪਲਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ  ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਨੇ ਹੁਣ ਤੱਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ) ਅਧੀਨ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿਚ 28 ਹਜ਼ਾਰ ਕੁਇੰਟਲ ਕਣਕ ਵੰਡੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ) ਤਹਿਤ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸ਼ੁਰੂ ਕਰ ਦਿੱਤੀ ਹੈ। ਗਿੱਲ ਨੇ ਕਿਹਾ ਕਿ ਸਰਕਾਰ ਨੇ ਇੱਕ ਵਾਰ ਵਿੱਚ ਇੱਕ ਸਮਾਰਟ ਕਾਰਡ ਧਾਰਕ ਪਰਿਵਾਰ ਨੂੰ ਦੋ ਮਹੀਨਿਆਂ ਲਈ ਪ੍ਰਤੀ ਲਾਭਪਾਤਰੀ 5 ਕਿਲੋਗ੍ਰਾਮ ਕਣਕ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੁਰਾਕ ਸਿਵਲ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹਨ ਕਿ ਕੋਈ ਵੀ ਵਿਅਕਤੀ, ਖ਼ਾਸਕਰ ਕੋਈ ਵੀ ਗਰੀਬ ਪਰਿਵਾਰ, ਅਨਾਜ ਮਿਲਣ ਤੋਂ ਵਾਂਝਾ ਨਾ ਰਹੇ। ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਸਹਾਇਤਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਵੰਡ ਲਈ ਈ-ਪੋਜ ਮਸ਼ੀਨਾਂ ਦੀ ਵਰਤੋਂ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ।  

More from this section