ਪੰਜਾਬ

ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਬੈੱਡਾਂ ਦੀ ਗਿਣਤੀ ਵਧਾਉਣ ਅਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ
ਨਵਾਂਸ਼ਹਿਰ, ਮਈ 19
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿਚ ਕੋਵਿਡ-19 ਦੀ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ, ਮੈਡੀਕਲ ਆਕਸੀਜਨ, ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਲੋੜ ਅਤੇ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਕੋਵਿਡ ਮਰੀਜ਼ਾਂ ਲਈ ਬੱਡਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੰਦਿਆਂ ਉਨਾਂ ਨੂੰ ਕੋਵਿਡ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਆਪਣੇ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਆਪਣੇ ਮਰੀਜ਼ ਦੀ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਰਹਿਣੀ ਜ਼ਰੂਰੀ ਹੈ ਅਤੇ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ।
ਡਾ. ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੈਂਪਲਿੰਗ ਟੀਮਾਂ ਨੂੰ ਪੂਰੀ ਤਰਾਂ ਐਕਟਿਵ ਕੀਤਾ ਜਾਵੇ। ਇਸੇ ਤਰਾਂ ਉਨਾਂ ਜ਼ਿਲੇ ਵਿਚ ਚੱਲ ਰਹੇ ਸਾਰੇ 10 ਟੀਕਾਕਰਨ ਸੈਂਟਰਾਂ ਦੀਆਂ ਟੀਮਾਂ ਨੂੰ ਵੀ ਬਿਹਤਰੀਨ ਢੰਗ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਕਿਹਾ ਕਿ ਘਰਾਂ ਵਿਚ ਇਕਾਂਤਵਾਸ ਰਹਿ ਰਹੇ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਉਪਲਬੱਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿਚ ਕਮੀ ਦੇ ਮੱਦੇਨਜ਼ਰ ਉਨਾਂ ਅਪੀਲ ਕੀਤੀ ਕਿ ਜਿਨਾਂ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਉਹ ਸਿਹਤਯਾਬ ਹੋ ਚੁੱਕੇ ਹਨ, ਉਹ ਇਹ ਪਲਸ ਆਕਸੀਮੀਟਰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਮਾ ਕਰਵਾ ਦੇਣ, ਤਾਂ ਜੋ ਇਹ ਬਿਹਤਰ ਦੇਖਭਾਲ ਲਈ ਕਿਸੇ ਹੋਰ ਕੋਵਿਡ ਮਰੀਜ਼ ਨੂੰ ਦਿੱਤਾ ਜਾ ਸਕੇ। ਇਸ ਮੌਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਡਿਊਟੀ ਨਿਭਾਅ ਰਹੇ ਡਾਕਟਰ ਰਾਜਨ ਸਿੰਘ ਨੂੰ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ, ਜਿਨਾਂ ਦਾ ਬੀਤੇ ਦਿਨ ਕੋਵਿਡ ਕਾਰਨ ਦਿਹਾਂਤ ਹੋ ਗਿਆ ਸੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐਸ. ਪੀ ਦੀਪਿਕਾ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਜੇ. ਐਸ ਬੈਂਸ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ।
ਕੈਪਸ਼ਨਾਂ :
-ਕੋਰੋਨਾ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਅਤੇ ਹੋਰ ਅਧਿਕਾਰੀ।