ਪੰਜਾਬ

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਬਟਾਲਾ ਸ਼ਹਿਰ ’ਚ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਅਪ੍ਰੈਲ 26
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ  ਇੰਦਰਜੀਤ ਸਿੰਘ ਵੱਲੋਂ ਅੱਜ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮੀਆਂ ਦੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਸਭ ਤੋਂ ਪਹਿਲਾਂ ਮੈਂਬਰ  ਇੰਦਰਜੀਤ ਸਿੰਘ ਨੇ ਨਗਰ ਨਿਗਮ ਬਟਾਲਾ ਦੇ ਦਫ਼ਤਰ ਵਿੱਚ ਕਾਰਪੋਰੇਸ਼ਨ, ਸਿੱਖਿਆ ਵਿਭਾਗ, ਪਾਵਰਕਾਮ, ਪੁਲਿਸ ਵਿਭਾਗ, ਐੱਸ.ਈ. ਕਾਰਪੋਰੇਸ਼ਨ, ਭਲਾਈ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਭਾਗਾਂ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦਾ ਬਿਓਰਾ ਲਿਆ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਉਨ੍ਹਾਂ ਦੇ ਵਿਭਾਗ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਪੂਰਾ ਮਿਹਨਤਾਨਾਂ ਮਿਲ ਰਿਹਾ ਹੈ, ਓਨਾਂ ਦਾ ਪੀ.ਪੀ.ਐੱਫ਼. ਕੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਬੀਮੇ ਹੋਏ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਅਧਿਕਾਰੀ ਇਸ ਵਿੱਚ ਅਣਗਿਹਲੀ ਵਰਤੇਗਾ ਕਮਿਸ਼ਨ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਕਮਿਸ਼ਨ ਦੇ ਮੈਂਬਰ  ਇੰਦਰਜੀਤ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਿਆ ਜਾਵੇ ਅਤੇ ਹਰ ਕਰਮਚਾਰੀ ਨੂੰ ਉਸਦੀ ਤਨਖਾਹ ਬੈਂਕ ਖਾਤੇ ਰਾਹੀਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀ ਕੋਰੋਨਾ ਕਾਲ ਵਿੱਚ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾ ਕੇ ਸਫ਼ਾਈ ਕਰ ਰਹੇ ਹਨ ਇਸ ਲਈ ਉਨ੍ਹਾਂ ਪ੍ਰਤੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਦੇ ਹਰ ਸਫ਼ਾਈ ਕਰਮੀ ਦਾ ਰੈਗੂਲਰ ਤੌਰ ’ਤੇ ਕੋਰੋਨਾ ਟੈਸਟ ਕਰਾਉਣ ਅਤੇ ਉਨ੍ਹਾਂ ਨੂੰ ਸਫ਼ਾਈ ਕਰਨ ਲਈ ਪੂਰੀ ਕਿੱਟ ਦੇਣ। ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਆਪਣੇ ਵਿਭਾਗ ਦੇ ਸਫ਼ਾਈ ਕਰਮੀਆਂ ਦੀਆਂ ਭਰੀਆਂ ਅਤੇ ਖਾਲੀ ਅਸਾਮੀਆਂ ਦੀ ਸੂਚੀ ਕਮਿਸ਼ਨ ਨੂੰ ਦੇਣ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ  ਇੰਦਰਜੀਤ ਸਿੰਘ ਨੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੌਰਾ ਕੀਤਾ ਅਤੇ ਹਸਪਤਾਲ ਦੇ ਸਫ਼ਾਈ ਕਰਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਜਾਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਫ਼ਾਈ ਕਮਿਸ਼ਨ ਸਫ਼ਾਈ ਕਰਮੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਨਿਰਸੰਕੋਚ ਕਮਿਸ਼ਨ ਕੋਲ ਪਹੁੰਚ ਕਰ ਸਕਦਾ ਹੈ ਜਿਥੇ ਉਸਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ, ਪਾਵਰਕਾਮ ਦੇ ਐਕਸੀਅਨ ਜਗਜੋਤ ਸਿੰਘ ਬਾਜਵਾ, ਐੱਸ.ਐੱਮ.ਓ. ਡਾ. ਸੰਜੀਵ ਕੁਮਾਰ, ਜੀ.ਐੱਮ. ਪੰਜਾਬ ਰੋਡਵੇਜ਼ ਬਟਾਲਾ ਅਨਿਲ ਸ਼ਰਮਾ, ਐੱਸ.ਈ. ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸਤਪਾਲ ਸਿੰਘ, ਡੀ.ਐੱਸ.ਪੀ. ਐੱਚ.ਐੱਸ. ਗਿੱਲ, ਪ੍ਰਿੰਸੀਪਲ ਅਨਿਲ ਸ਼ਰਮਾ, ਤਹਿਸੀਲ ਭਲਾਈ ਅਫ਼ਸਰ ਮੁਕਲ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।