View in English:
June 27, 2025 2:15 am

ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 26

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਗੁਰਮੀਤ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 2 ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ 3 ਕਰੋੜ ਰੁਪਏ ਵੰਡੇ ਗਏ ਹਨ। ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬੀਮਾ ਯੋਜਨਾ ਦੇ ਲਾਭਾਂ, ਕਲੇਮ ਪ੍ਰਕਿਰਿਆਵਾਂ ਅਤੇ ਪਸ਼ੂ ਸਿਹਤ ਪ੍ਰਬੰਧਨ ਬਾਰੇ ਸਿੱਖਿਅਤ ਕਰਨ ਲਈ 47 ਸੂਬਾਈ ਅਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਕੈਂਪ ਲਗਾਏ ਗਏ ਜਿਸ ਨਾਲ ਭਾਗੀਦਾਰੀ ਅਤੇ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ।

ਇਸ ਮੀਟਿੰਗ ਦੌਰਾਨ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English