View in English:
April 22, 2025 4:06 am

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ : ਹਰਜੋਤ ਸਿੰਘ ਬੈਂਸ

ਫੈਕਟ ਸਮਾਚਾਰ ਸੇਵਾ

ਮੋਰਿੰਡਾ, ਅਪ੍ਰੈਲ 7

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ. ਸੈਕੰ. ਸਕੂਲ ਲੁਠੇੜੀ ਵਿਖੇ ਵਿਦਿਆਰਥੀਆਂ ਦੀ ਕੁਸ਼ਲਤਾ ਨੂੰ ਹੋਰ ਵਧਾਉਣ ਦੇ ਮੰਤਵ ਨਾਲ 60.6 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੀ ਆਧੁਨਿਕ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਜੀਵ ਵਿਗਿਆਨ ਦੀਆਂ ਪ੍ਰਯੋਗਸ਼ਾਲਾਵਾਂ, ਖੇਡ ਮੈਦਾਨ, ਟਰੈਕ ਅਤੇ ਕਲਾਸਰੂਮਾਂ ਸਮੇਤ ਚਾਰਦੀਵਾਰੀ ਦਾ ਉਦਘਾਟਨ ਕੀਤਾ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਕੂਲ ਵਿਚ ਪਹੁੰਚੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਲਈ 7 ਅਪ੍ਰੈਲ ਦਾ ਦਿਨ ਸਿੱਖਿਆ ਦੇ ਖੇਤਰ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਜਿਸ ਨਾਲ ਆਮ ਲੋਕਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਜਿਥੇ ਹਰ ਬੁਨਿਆਦੀ ਸਹੂਲਤਾਂ ਮਿਲਣਗੀਆਂ ਉਥੇ ਹੀ ਨਵੀਆਂ ਪ੍ਰਯੋਗਸ਼ਾਲਾਵਾਂ ਅਤੇ ਕਲਾਸਰੂਮਾਂ ਵਿਚ ਸੁਖਾਵੇਂ ਵਾਤਾਵਰਨ ਵਿਚ ਸਿੱਖਿਆ ਹਾਸਲ ਕਰਨ ਦਾ ਮੌਕਾ ਵੀ ਮਿਲੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਮੰਤਵ ਨਾਲ ਠੋਸ ਕਦਮ ਪੁੱਟਦਿਆਂ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ 12,000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਫਲਤਾਪੂਰਵਕ ਅੱਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਆਧੁਨਿਕ ਸਿੱਖਿਆ ਹਾਸਲ ਕਰ ਸਕਣ ਅਤੇ ਇੱਕ ਜਾਗਰੂਕ ਨਾਗਰਿਕ ਦੀ ਭੂਮਿਕਾ ਨਿਭਾਉਂਦੇ ਹੋਏ ਸੂਬੇ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ।

ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਜਦਕਿ ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ, ਅਤੇ ਸਿੱਖਿਆ ਵਿੱਚ ਇਸ ਨਿਵੇਸ਼ ਦਾ ਪੰਜਾਬ ਦੇ ਭਵਿੱਖ ’ਤੇ ਸਾਕਾਰਤਮਕ ਪ੍ਰਭਾਵ ਪੈਣ ਦੀ ਪੂਰਨ ਆਸ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ 6,812 ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ, ਜਿਸ ਦੀ ਲੰਬਾਈ ਲਗਭਗ 1,000 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ 5,399 ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ 2,934 ਸਕੂਲਾਂ ਵਿੱਚ 2,976 ਨਵੇਂ ਪਖਾਨੇ ਅਤੇ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ।

ਇਸ ਮੌਕੇ ਹਲਕਾ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਸਮੇਤ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਡੀਐਸਪੀ ਜਤਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਡੀਐਸਪੀ ਜਤਿੰਦਰਪਾਲ ਸਿੰਘ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ, ਪਾਰਟੀ ਆਗੂ ਬੀਰਦਵਿੰਦਰ ਸਿੰਘ, ਜਗਤਾਰ ਸਿੰਘ, ਰਾਜਿੰਦਰ ਸਿੰਘ ਰਾਜਾ, ਚੰਦ, ਦਿਨੇਸ਼ ਮਾਜਰੀ, ਜਗਤਾਰ ਸਿੰਘ, ਰਾਜਿੰਦਰ ਸਿੰਘ ਰਾਜਾ, ਦਿਨੇਸ਼ ਮਾਜਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *

View in English