ਧਰਮ ਤੇ ਵਿਰਸਾ

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ੈਕ੍ਟ ਸਮਾਚਾਰ ਸੇਵਾ ਐੱਸਏਐੱਸ ਨਗਰ , ਜੂਨ 28

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 305ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਭਾਈ ਰਵਿੰਦਰ ਸਿੰਘ ਦੇ ਪੰਥਕ ਜੱਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਬਿਰਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਸਰਹੱਦ ਦੀ ਇੱਟ ਨਾਲ ਇੱਟ ਖੜਕਾ ਕੇ ਸੂਬਾ ਸਰਹੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਮੁਗਲ ਰਾਜ ਨੂੰ ਮਾਤ ਦੇਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ‘ਚ ਸਰਵਣ ਕਰਵਾਇਆ। ਉਨਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖ਼ਾਤਮਾ ਕਰਕੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨਿ੍ਹਆ ਅਤੇ ਜ਼ਬਰ ਜ਼ੁਲਮ ਦਾ ਟਾਕਰਾ ਕਰਦੇ ਹੋਏ ਸੰਨ 1716 ਈ: ‘ਚ ਸ਼ਹੀਦੀ ਪ੍ਰਰਾਪਤ ਕੀਤੀ।

ਭਾਈ ਹਰਜੋਤ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਆਇਆ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸੁਰਜੀਤ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ ਖੰਨ੍ਹਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰਰੀਤ ਸਿੰਘ, ਬੀਬੀ ਸਿਮਰਨਜੀਤ ਕੌਰ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾੳ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ‘ਤੇ ਦੱਸਿਆ ਕਿ ਆਉਣ ਵਾਲੀ ਮਿਤੀ 30 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ‘ਚ ਉਚ ਕੋਟੀ ਦੇ ਰਾਗੀ ਢਾਡੀ ਸੰਤ ਵਿਦਵਾਨ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

More from this section