ਪੰਜਾਬ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.18% ਹੋਈ

ਫ਼ੈਕ੍ਟ ਸਮਾਚਾਰ ਸੇਵਾ
ਲੁਧਿਆਣਾ, ਮਈ 27
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 16047 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 82835 ਮਰੀਜ਼ਾਂ ਵਿਚੋਂ 90.18% (74701 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 16047 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 6189   ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 74701 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 465 ਮਰੀਜ਼ (411 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 54 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1314626 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1314198 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1220593 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 428 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 82835 ਹੈ, ਜਦਕਿ 10770 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 23 ਮੌਤਾਂ ਦੀ ਪੁਸ਼ਟੀ ਹੋਈ ਹੈ (17 ਜ਼ਿਲ੍ਹਾ ਲੁਧਿਆਣਾ, 2 ਬਰਨਾਲਾ, 1 ਗੁਰਦਾਸਪੁਰ, 1 ਸੰਗਰੂਰ, 1 ਫਤਿਹਗੜ੍ਹ ਸਾਹਿਬ ਅਤੇ 1 ਰਾਜਸਥਾਨ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1945 ਅਤੇ 963 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।