ਫੈਕਟ ਸਮਾਚਾਰ ਸੇਵਾ
ਪਟਿਆਲਾ, ਨਵੰਬਰ 19
ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਇਸ ਦੌਰਾਨ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲੇ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ-ਨਛੱਤਰ ਸਿੰਘ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਸੰਗਤ ਵਿੱਚ ਸ਼ਾਮਲ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ ਪਟਿਆਲਾ ਵਿਖੇ 21 ਨਵੰਬਰ ਨੂੰ ਪੁੱਜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਮਨਾ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਪੂਰੀ ਮਾਨਵਤਾ ਲਈ ਸੀ, ਜਿਸ ਕਰਕੇ ਉਨ੍ਹਾਂ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ਤੇ ਗੁਰਬਾਣੀ ਨੂੰ ਪੂਰੀ ਦੁਨੀਆਂ ਵਿੱਚ ਪਹੁੰਚਾਉਣ ਲਈ ਉਪਰਾਲੇ ਕਰਦਿਆਂ 23 ਨਵੰਬਰ ਤੋਂ 25 ਨਵੰਬਰ ਤੱਕ ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਨੀਨਾ ਮਿੱਤਲ, ਕੁਲਵੰਤ ਸਿੰਘ ਬਾਜ਼ੀਗਰ, ਬਲਤੇਜ ਪੰਨੂ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਸੰਧੂ, ਸੂਬਾ ਸਕੱਤਰ ਜਗਦੀਪ ਸਿੰਘ ਜੱਗਾ, ਹਰਿੰਦਰ ਕੋਹਲੀ, ਬਲਜਿੰਦਰ ਸਿੰਘ ਝਾੜਵਾਂ, ਸਮੂਹ ਕੌਂਸਲਰ ਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲੁਵਾਈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਕੀਰਤਨ ਸਮਾਗਮ ਦੀ ਸਫ਼ਲਤਾ ਲਈ ਪਟਿਆਲਾ ਦੀ ਸਮੂਹ ਸੰਗਤ ਸਮੇਤ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਪਟਿਆਲਾ ਦੇ ਮੁੱਖ ਰਣਜੀਤ ਸਿੰਘ ਚੰਡੋਕ, ਲੰਗਰ ਬਣਾਉਣ ਦੀ ਸੇਵਾ ਲਈ ਕਾਰ ਸੇਵਾ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਵਰਤਾਉਣ ਲਈ ਸੰਤ ਅਮਰ ਸਿੰਘ ਮੁਖੀ ਰਾੜਾ ਸਾਹਿਬ ਸੰਪਰਦਾਇ ਦੇ ਟਰਸਟ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ ਸਮੇਤ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕੀ ਕਮੇਟੀ ਪ੍ਰਧਾਨ ਬਲਜਿੰਦਰ ਸਿੰਘ ਬੇਦੀ, ਚੇਅਰਮੈਨ ਧਾਰਮਿਕ ਕਮੇਟੀ ਕੈਪਟਨ ਅਮਰਜੀਤ ਸਿੰਘ ਕਾਲੇਕਾ, ਸਕੱਤਰ ਬਲਜਿੰਦਰ ਸਿੰਘ ਦੀਵਾਨ ਅਤੇ ਸਮੂਹ ਕਮੇਟੀ ਮੈਬਰਾਂ, ਮਰਿਆਦਾ ਕਮੇਟੀ ਦੇ ਚੇਅਰਮੈਨ ਗਿਆਨੀ ਸੁਖਦੇਵ ਸਿੰਘ ਸਾਬਕਾ ਹੈਡਗ੍ਰੰਥੀ, ਡਾ. ਜਸਬੀਰ ਕੌਰ ਪਟਿਆਲਾ ਤੇ ਪ੍ਰੋ. ਪਰਮਵੀਰ ਸਿੰਘ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਜੋੜਾ ਘਰ ਦੀ ਸੇਵਾ ਲਈ ਗੁਰੂ ਨਾਨਕ ਖਾਲਸਾ ਦਲ, ਜਲ ਸੇਵਾ ਲਈ ਪਾਲਿਸ਼ ਸੇਵਾ ਦਲ ਅਤੇ ਨੌਜਵਾਨ ਸੇਵਾ ਦਲ ਪਟਿਆਲਾ ਸਮੇਤ ਸਕੂਟਰ ਪਾਰਕਿੰਗ ਲਈ ਸੇਵਾ ਮਿਸ਼ਨ ਅਤੇ ਖਾਲਸਾ ਟ੍ਰੈਫਿਕ ਸੇਵਾ ਦਲ ਦੀ ਟੀਮ ਅਤੇ ਪਟਿਆਲਾ ਦੀ ਸੰਗਤ ਵੱਲੋਂ ਦਿੱਤੇ ਗਏ ਸਹਿਯੋਗ ਲਈ ਵੀ ਉਚੇਚਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜ਼ਦਾ ਕਰਨ ਲਈ ਕੀਰਤਨ ਸਮਾਗਮ ਦੀ ਸੇਵਾ ਪੂਰੀ ਸ਼ਰਧਾ, ਸਤਿਕਾਰ ਤੇ ਅਕੀਦਤ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ।
ਇਸ ਮੌਕੇ ਕਮਿਸ਼ਨਰ ਪਰਮਜੀਤ ਸਿੰਘ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ.ਪੀ. ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ, ਅਸ਼ੋਕ ਕੁਮਾਰ, ਆਰਟੀਓ ਬਬਨਦੀਪ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।







