ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 8
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਸੀਐਮ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।