ਪੰਜਾਬ

‘ਰਾਬਤਾ ਮੁਹਿੰਮ’ ਦੌਰਾਨ ਅਧਿਅਪਕਾਂ ਨੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਫੋਨ ਰਾਹੀ ਸੰਪਰਕ ਕੀਤਾ – ਡੀ.ਈ.ਓ.

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ , ਜੂਨ 3
ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ‘ਰਾਬਤਾ ਮੁਹਿੰਮ’ ਸਫਲਤਾ ਪੂਰਨ ਢੰਗ ਨਾਲ ਸਿਰੇ ਚਾੜਿਆ ਗਿਆ ਹੈ। ਇੱਕ ਹਫ਼ਤਾ 24 ਤੋਂ 31 ਮਈ ਤੱਕ ਚੱਲੀ ਇਸ ਮਾਪੇ-ਅਧਿਆਪਕ ਰਾਬਤਾ ਮੁਹਿੰਮ ਦੌਰਾਨ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ਼ ਫ਼ੋਨ ਰਾਹੀਂ ਰਾਬਤਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ਾਂ ਬੱਚਿਆਂ ਦੀ ਪੜਾਈ, ਸਿਹਤ ਸੰਭਾਲ, ਦਾਖਲਾ ਮੁਹਿੰਮ ਦੇ ਪ੍ਰਚਾਰ, ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਨਾਲ ਨਾਲ ਉਨਾਂ ਦੇ ਸਰਵਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਵਿਚਾਰ-ਚਰਚਾ ਕਰਨਾ ਸੀ। ਇਸ ਦੌਰਾਨ ਉਨ੍ਹਾਂ ਸਮੇਤ ਉਪ-ਜ਼ਿਲਾ ਸਿੱਖਿਆ ਅਫ਼ਸਰ, ਪਿ੍ਰੰਸੀਪਲ ਡਾਇਟ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ‘ਪੜੋ ਪੰਜਾਬ, ਪੜਾਓ ਪੜਾਓ ਪੰਜਾਬ’ ਟੀਮ ਦੇ ਜ਼ਿਲ੍ਹਾ ਬਲਾਕ ਅਤੇ ਕਲੱਸਟਰ ਟੀਮ ਮੈਂਬਰਾਂ, ਅਧਿਆਪਕਾਂ ਅਤੇ ਹੋਰ ਸਹਾਇਕ ਸਟਾਫ ਨੇ ਫ਼ੋਨ ਕਾਲ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਕੱਲੇ-ਇਕੱਲੇ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਆਨਲਾਈਨ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖਿਆ ਵਿਭਾਗ ਵੱਲੋਂ ‘ਘਰ ਬੈਠੇ ਸਿੱਖਿਆ’ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ। ਅਧਿਆਪਕਾਂ ਨੇ ਟੀ.ਵੀ. ਕਲਾਸਾਂ ਦੀ ਸਮਾਂ ਸਾਰਣੀ, ਸਰਕਾਰੀ ਸਕੂਲਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ, ਨੈਤਿਕ ਸਿੱਖਿਆ ਅਤੇ ‘ਸਵਾਗਤ ਜ਼ਿੰਦਗੀ’ ਬਾਰੇ ਕਿਤਾਬ ਦੀ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਕਰਵਾਉਣ ਲਈ ਪ੍ਰਚਾਰ ਕਰਨ ਹਿੱਤ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਅਤੇ ਪਾਠਕ੍ਰਮ ਨਾਲ ਜੋੜ ਕੇ ਰੱਖਣ ਲਈ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਧੀਆ ਕਾਰਗੁਜ਼ਾਰੀ ਨਿਭਾਈ ਹੈ। ਇਹ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਮਾਪਿਆਂ ਨੂੰ ਸੋਸ਼ਲ ਮੀਡੀਆ ਦੀ ਸਹਾਇਤਾ ਨਾਲ ਜਾਗਰੂਕ ਕੀਤਾ ਗਿਆ। ਬਹੁਤ ਸਾਰੇ ਮਾਪਿਆਂ ਦੀ ਸਹਿਮਤੀ ਨਾਲ ਫੋਨ ਕਾਲਾਂ ਨੂੰ ਰਿਕਾਰਡ ਵੀ ਕੀਤਾ ਗਿਆ ਹੈ ਜਿਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝਾ ਕਰਕੇ ਹੋਰ ਮਾਪਿਆਂ ਨੂੰ ਵੀ ਸਰਕਾਰੀ ਸਕੂਲਾਂ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ। ਇਸ ਨਿਵੇਕਲੀ ਪਹਿਲਕਦਮੀ ਪ੍ਰਤੀ ਮਾਪਿਆਂ ਨੇ ਵੀ ਭਾਰੀ ਉਤਸ਼ਾਹ ਦਿਖਾਇਆ।