ਵੈਬੀਨਾਰ ਦੌਰਾਨ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ  ਬਾਰੇ ਨੁਕਤੇ ਸਾਂਝੇ ਕੀਤੇ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ, ਮਈ 20
ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ ਅਟਾਰੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿ੍ਰਸ਼ੀ ਵਿਗਿਆਨ ਕੇਂਦਰ ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਸਾਂਝੇ ਤੌਰ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਬੀਨਾਰ੍ ਕਮ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਦੀ ਸ਼ੁਰੂਆਤ ਵਿੱਚ ਡਾ ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ)  ਕਿ੍ਰਸ਼ੀ ਵਿਗਿਆਨ ਕੇਂਦਰ ਖੇੜੀ ਨੇ ਭਾਗ ਲੈ ਰਹੇ ਸਾਰੇ ਕਿਸਾਨ ਵੀਰਾਂ ਅਤੇ ਖੇਤੀ ਮਾਹਿਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਅਤੇ ਇਸ ਨੂੰ ਅਪਨਾਉਣ ਵੇਲੇ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਵੱਖ੍ਵੱਖ ਤਰੀਕਿਆਂ ਤੋਂ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਨਾਉਣ ਲਈ ਪ੍ਰੇਰਿਆ ਤਾਂ ਜੋ ਸੂਬੇ ਦੇ ਵਢਮੁੱਲੇ ਪਾਣੀ ਨੂੰ ਬਚਾਇਆ ਜਾ ਸਕੇ। ਡਾ  ਬੂਟਾ ਸਿੰੰਘ ਰੋਮਾਣਾ ਮੁਖੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਝੋਨੇ ਦੀ ਸਿੱਧੀ ਬਿਜਾਈ ਦੀਆਂ ਵੱਖ-ਵੱਖ ਸਿਫਾਰਿਸ਼ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਲਗਾਤਾਰ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਗਿਰਦੇ ਪੱਧਰ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਇਸ ਵਿਧੀ ਨੂੰ ਅਪਨਾਉਣ ਵੇਲੇ ਖੇਤ ਦੀ ਚੋਣ, ਖੇਤ ਦੀ ਤਿਆਰੀ, ਢੁਕਵੀਆਂ ਕਿਸਮਾਂ, ਬਿਜਾਈ ਦਾ ਸਮਾਂ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਤਰਜੀਹ ਦੇਣ ਬਾਰੇ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਸ੍ਰੋਤਾਂ ਨੂੰ ਬਚਾਇਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਪਿਛਲੇ ਸਾਲ ਦਰਪੇਸ਼ ਆਈਆਂ ਮੁਸ਼ਕਿਲਾਂ ਜਿਵੇਂ ਕਿ ਨਦੀਨਾਂ ਦੀਆਂ ਸੱਮਸਿਆਵਾਂ, ਜਿੰਕ ਅਤੇ ਲੋਹੇ ਦੀ ਘਾਟ, ਤਰ੍ਵੱਤਰ ਬਿਜਾਈ ਵਿੱਚ ਕਰੰਡ ਦੀ ਸਮੱਸਿਆ ਬਾਰੇ ਵੀ ਚਾਨਣਾ ਪਾਇਆ। ਡਾਕਟਰ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਪਾਵਰ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਬੀਜ ਦੀ ਮਾਤਰਾ ਨੂੰ ਕੰਟਰੋਲ ਕਰਨ ਲਈ ਮਸ਼ੀਨ ਦੀ ਵਰਤੋਂ ਬਾਰੇ ਦੱਸਿਆ। ਉਹਨਾਂ ਹੈਪੀਸੀਡਰ ਅਤੇ ਜ਼ੀਰੋ ਟਿਲ ਡਰਿੱਲ ਮਸ਼ੀਨਾਂ ਵਿੱਚ ਮਾਮੂਲੀ ਬਦਲਾਅ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਵਰਤਣ ਬਾਰੇ ਵੀ ਚਾਨਣਾ ਪਾਇਆ। ਡਾ  ਅਮਨਦੀਪ ਕੌਰ, ਜਿਲ੍ਹਾ ਪਸਾਰ ਮਾਹਿਰ (ਫਸਲ ਵਿਗਿਆਨ) ਨੇ ਨਦੀਨਾਂ ਦੀ ਰੋਕਥਾਮ ਅਤੇ ਸੁਧਰੀਆਂ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਨਦੀਨਨਾਸ਼ਕਾਂ ਦੇ ਛਿੜਕਾਅ ਲਈ ਵਰਤੀਆਂ ਜਾਣ ਵਾਲੀਆਂ ਢੁਕਵੀਆਂ ਨੋਜ਼ਲਾਂ ਬਾਰੇ ਜ਼ੋਰ ਦੇ ਕੇ ਦੱਸਿਆ ਤਾਂ ਜੋ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਨਦੀਨਾਂ ਉੱਤੇ ਚੰਗੀ ਤਰ੍ਹਾਂ ਕਾਬੂ ਪਾਇਆ ਜਾ ਸਕੇ। ਡਾ  ਅਸੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਝੋਨੇ ਦੀ ਸਿੱਧੀ ਬਿਜਾਈ ਵੇਲੇ ਮਿੱਟੀ ਦੀ ਕਿਸਮ ਦੇ ਆਧਾਰ ੋਤੇ ਵਰਤੀਆਂ ਜਾਣ ਵਾਲੀਆਂ ਰਸਾਇਣਕ ਖਾਂਦਾ ਦੀ ਸਤੁੰਲਿਤ ਵਰਤੋਂ ਸਬੰਧੀ ਅਤੇ ਛੋਟੇ ਖੁਰਾਕੀ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਨੂੰ ਪਛਾਨਣ ਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ  ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਬੀਜ ਦੀ ਸੋਧ ਅਤੇ ਸਿੱਧੇ ਬੀਜੇ ਝੋਨੇ ਦੀ ਚੂਹਿਆਂ ਦੀ ਰੋਕਥਾਮ ਬਾਰੇ ਵਿਚਾਰ ਸਾਂਝੇ ਕੀਤੇ। ਅਗਾਂਹਵਧੂ ਕਿਸਾਨ ਜਗਜੀਵਣ ਸਿੰਘ (ਰਿੰਕੂ), ਪਿੰਡ ਉਭਾਵਾਲ ਅਤੇ ਸ  ਹਰਪਾਲ ਸਿੰਘ, ਪਿੰਡ ਖੇਤਲਾ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾਪੂਰਵਕ ਕਾਸ਼ਤ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਹਨਾਂ ਸਿੱਧੀ ਬਿਜਾਈ ਵੇਲੇ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ। ਪਿੰਡ ਧੀਰਾ ਪੱਤਰਾ ਦੇ ਕਿਸਾਨ ਸ  ਬੂਟਾ ਸਿੰਘ ਨੇ ਕੇ ਵੀ ਕੇ  ਅਤੇ ਫਾਰਮ ਸਲਾਹਕਾਰ ਕੇਂਦਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਿਸ ਨਾਲ ਵਧੇਰੇ ਕਿਸਾਨਾਂ ਨੂੰ ਇਸ ਵਿਧੀ ਬਾਰੇ ਜਾਣੂ ਕਰਵਾਇਆ ਜਾ ਸਕਿਆ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਵਰਚੂਅਲ ਪ੍ਰੋਗਰਾਮ ਉਲੀਕਣ ਬਾਰੇ ਬੇਨਤੀ ਕੀਤੀ। ਅਖ਼ੀਰ ਵਿੱਚ ਕੇ ਵੀ ਕੇ ਅਤੇ ਫਾਰਮ ਸਲਾਹਕਾਰ ਕੇਂਦਰ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।  

More from this section