ਫੈਕਟ ਸਮਾਚਾਰ ਸੇਵਾ
ਛਾਜਲੀ, ਫਰਵਰੀ 13
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।