View in English:
December 24, 2024 7:20 pm

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਵੀਆਂ ਉਚਾਈਆਂ ਨੂੰ ਛੂਹਿਆਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 23

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਟ੍ਰੇਨਿੰਗ ਦੁਆਈ ਗਈ।

ਇਸੇ ਤਰ੍ਹਾਂ 150 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆ ‘ਤੇ ਸਿਖਲਾਈ ਦੁਆਈ ਗਈ। ਟ੍ਰੇਨਿੰਗ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਦਿਆਂ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐਚ.ਟੀ., ਐਚ. ਟੀ. ਅਤੇ ਈ.ਟੀ.ਟੀ. ਦੇ ਕੁੱਲ 72 ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ (ਫਿਨਲੈਂਡ) ਵਿਖੇ ਵਿਸ਼ੇਸ਼ ਸਿਲਖਾਈ ਕਰਵਾਈ ਗਈ।

ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਲਗਭਗ 82 ਕਰੋੜ ਰੁਪਏ ਜਾਰੀ ਕੀਤੇ ਗਏ। ਜਿਸ ਰਾਹੀਂ 1689 ਕੈਂਪਸ ਮੈਨੇਜਰਾਂ, 689 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1265 ਸੁਰੱਖਿਆ ਗਾਰਡ (652 ਸੀਨੀਅਰ ਸੈਕੰਡਰੀ ਸਕੂਲ ਅਤੇ 37 ਹਾਈ ਸਕੂਲ, ਪ੍ਰਤੀ ਸਕੂਲ-2) ਨੂੰ ਵੀ ਪੈਸਕੋ ਰਾਹੀਂ ਭਰਤੀ ਕੀਤੇ ਗਏ। ਇਸ ਤੋਂ ਇਲਾਵਾ 8286 ਸਕੂਲਾਂ ਵਿੱਚ ਸਫਾਈ ਕਰਮਚਾਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1734 ਚੌਕੀਦਾਰਾਂ ਦੀ ਭਰਤੀ ਕੀਤੀ ਗਈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਕੂਲ ਆਫ਼ ਐਮੀਨੈਂਸ: ਕੁੱਲ 118 ਸਰਕਾਰੀ ਸਕੂਲਾਂ ਨੂੰ ਸਟੇਟ ਆਫ਼ ਆਰਟ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕੀਤਾ ਕਰਨ ਤੋਂ ਇਲਾਵਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈਫਾਈ ਇੰਟਰਨੈਟ ਕਨੈਕਸ਼ਨਾਂ ਲਈ 29.3 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਇਆ ਗਿਆ ਹੈ। ਰਾਜ ਸਰਕਾਰ ਵੱਲੋਂ ਕਲਾਸਰੂਮ, ਪ੍ਰਯੋਗਸ਼ਾਲਾਵਾਂ ਲਈ ਵੀ 93.48 ਕਰੋੜ ਮੁਹਈਆ ਕਰਵਾਇਆ ਗਿਆ ਹੈ।

ਇਸ ਸਾਲ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਕਿਤਾਬਾਂ ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਸਨ। ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਨੂੰ ਯਕੀਨੀ ਬਣਾਉਣ ਲਈ ਗ੍ਰੇਡ ਪੱਧਰੀ ਕੰਪੀਟੈਂਸੀ ਵਿੱਚ ਕੁਸ਼ਲ ਕਰਨ ਲਈ ਸੀ.ਈ.ਪੀ., ਮਿਸ਼ਨ ਸਮਰੱਥ ਅਤੇ ਮਿਸ਼ਨ ਆਰੰਭ ਵਰਗੇ ਸ਼ੁਰੂ ਕਰਨ ਤੋਂ ਇਲਾਵਾ ਮੈਗਾ ਪੀ.ਟੀ.ਐਮ. ਵਰਗੇ ਉਪਰਾਲਿਆਂ ਨਾਲ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ 118 ਸਕੂਲ ਆਫ ਐਮੀਨੈਂਸ ਅਤੇ 17 ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਟ੍ਰਾਂਸਪੋਰਟ ਸੁਵਿਧਾ ਸ਼ੁਰੂ ਕੀਤੀ ਗਈ, ਜਿਸ ਦਾ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਇਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਦੀ ਦਿਸ਼ਾ ਵਿੱਚ ਕੀਤੇ ਜਾ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿਸ਼ਾ ਵਿੱਚ ਹੋਰ ਸੁਧਾਰ ਕਰਨ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਤੋਂ ਸੁਝਾਅ ਲੈਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਸ਼ੁਰੂ ਕੀਤੇ ਗਏ ਹਨ।

Leave a Reply

Your email address will not be published. Required fields are marked *

View in English