ਪੰਜਾਬ

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਨਸ਼ਟ ਕੀਤਾ ਡੇਂਗੂ ਦਾ ਲਾਰਵਾ

ਫ਼ੈਕ੍ਟ ਸਮਾਚਾਰ ਸੇਵਾ
ਨਵਾਂਸ਼ਹਿਰ ਜੂਨ 05
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਜਗਦੀਪ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਟੀਮ ਵੱਲੋਂ ਮਲੇਰੀਆ, ਡੇਂਗੂ, ਕੋਰੋਨਾ ਅਤੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਰਵਾ ਡਿਟੈਕਟ ਸਰਵੇ ਕੀਤਾ ਗਿਆ। ਜਿਸ ਦੌਰਾਨ ਗੜ੍ਹਸ਼ੰਕਰ ਰੋਡ ਬਾਬਾ ਚੰਦ ਨਗਰ, ਗੋਬਿੰਦਗੜ੍ਹ ਅਤੇ ਆਲੇ-ਦੁਆਲੇ ਖੇਤਰਾਂ ਵਿਖੇ ਮਿਲੇ ਡੇਂਗੂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗਿਆ। ਜਾਣਕਾਰੀ ਦਿੰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਦੱਸਿਆ ਕਿ ਸਰਵੇ ਦੌਰਾਨ ਲੋਕਾਂ ਨੂੰ ਡੇਂਗੂ-ਮਲੇਰੀਆਂ ਤੋਂ ਬਚਾਅ, ਕੋਵਿਡ-19 ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਨਸ਼ਾ ਪੀੜਤਾਂ ਨੂੰ ਓਟ ਸੈਂਟਰਾਂ ’ਚ ਇਲਾਜ ਲਈ ਭਰਤੀ ਕਰਵਾਉਣ ਸਬੰਧੀ ਜਾਗਰੂਕ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਲੋਕਾਂ ਨੂੰ ਹਫ਼ਤੇ ’ਚ ਇਕ ਵਾਰ ਗਮਲਿਆਂ, ਕੂਲਰਾਂ, ਟਾਇਰਾਂ, ਫਰਿੱਜ਼ ਦੀ ਟ੍ਰੇਅ ਅਤੇ ਟੁੱਟੇ ਭਾਂਡਿਆਂ ਆਦਿ ਦੀ ਚੰਗੀ ਤਰ੍ਹਾਂ ਸਫਾਈ ਕਰਕੇ ਉਨ੍ਹਾਂ ’ਚ ਪਾਣੀ ਨਾ ਰਹਿਣ ਦੇਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਵੈਕਸੀਨ ਲਈ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਵੈਕਸੀਨ ਦਾ ਟੀਕਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ।