ਪੰਜਾਬ

ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ

ਫ਼ੈਕ੍ਟ ਸਮਾਚਾਰ ਸੇਵਾ
ਨਵਾਂਸ਼ਹਿਰ, ਸਤੰਬਰ 23

ਸਿਹਤ ਵਿਭਾਗ ਮੁਜ਼ੱਫਰਪੁਰ ਦੀ ਟੀਮ ਨੇ ਅੱਜ ਇੱਥੇ ਨਵਾਂਸ਼ਹਿਰ-ਬੰਗਾ ਰੋਡ ਉੱਤੇ ਸਥਿਤ ਇਕ ਪ੍ਰਾਈਵੇਟ ਇੰਮੀਗ੍ਰੇਸ਼ਨ ਕੇਂਦਰ ਵਿਖੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ, ਜਿਸ ਤਹਿਤ 50  ਯੋਗ ਵਿਅਕਤੀਆਂ ਨੂੰ ਟੀਕੇ ਲਾਏ ਗਏ।

ਇਸ ਮੌਕੇ ਇਸ ਸੰਸਥਾ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਵਿੱਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਮੈਡੀਕਲ ਅਫਸਰ ਡਾ ਗੁਰਪਿੰਦਰ ਕੌਰ, ਬਲਾਕ ਐਜੂਕੇਟਰ ਮਨਿੰਦਰ ਸਿੰਘ, ਹੈਲਥ ਵਰਕਰ ਗੁਰਪ੍ਰੀਤ ਸਿੰਘ ਰੰਧਾਵਾ, ਮਨਦੀਪ ਸਿੰਘ, ਗੁਲਸ਼ਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਸੰਸਥਾ ਵਿੱਚ ਟੀਕਾਕਰਨ ਦੇ ਕੀਤੇ ਗਏ ਕੰਮਕਾਜ ਦੀ ਕਾਫੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ ਜੋ ਕਾਬਲੇ ਤਾਰੀਫ਼ ਹੈ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।

ਇਸ ਮੌਕੇ ਮੈਡੀਕਲ ਅਫ਼ਸਰ ਡਾ ਗੁਰਪਿੰਦਰ ਕੌਰ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਜਿਨਾਂ ਨੇ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ। ਉਨ੍ਹਾਂ ਟੀਕਾਕਰਨ ਕਰਵਾਉਣ ਲਈ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕੋਰੋਨਾ ਦੀ ਰੋਕਥਾਮ ‘ਚ ਸਿਹਤ ਵਿਭਾਗ ਨੇ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ, ਇਸ ਗੱਲ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ।