View in English:
March 11, 2025 2:51 am

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ


ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ

ਚੰਡੀਗੜ੍ਹ, 10 ਮਾਰਚ:

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ ਵੱਲੋਂ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਸੁਨੰਦਾ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਇਸ ‘ਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਨਿਰਦੇਸ਼ ‘ਤੇ ਤੁਰੰਤ ਕਾਰਵਾਈ ਕਰਦਿਆਂ  ਪੁਲਿਸ ਵੱਲੋਂ ਧਾਲੀਵਾਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 250 ਰੁਪਏ ਕਰੋੜ ਦੀ ਆਮਦਨ ‘ਤੇ ਰੋਕ ਲਗਾ ਕੇ ਉਸਦਾ ਵਿੱਤੀ ਸ਼ੋਸ਼ਣ ਕੀਤਾ ਸੀ। ਉਹਨਾਂ ਵੱਲੋਂ ਆਮਦਨ ‘ਤੇ ਗਲਤ ਰੋਕ ਲਗਾਉਣ, ਅਪਰਾਧਿਕ ਧਮਕੀ ਅਤੇ ਜਾਅਲਸਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਸ਼ਿਕਾਇਤ ‘ਤੇ ਮਹਿਲਾ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਪੁਲਿਸ ਨੇ ਧਾਲੀਵਾਲ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਚੇਅਰਪਰਸਨ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਔਰਤਾਂ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਸਾਰੀਆਂ ਔਰਤਾਂ ਨੂੰ ਬਿਨਾਂ ਕਿਸੇ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

View in English