ਪੰਜਾਬ

ਸੂਬੇ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰਾਂ ਸੰਤੁਸ਼ਟ

ਫ਼ੈਕ੍ਟ ਸਮਾਚਾਰ ਸੇਵਾ
ਬਟਾਲਾ, ਮਈ 24
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸੂਬੇ ਦੇ ਲੋਕ ਸੰਤੁਸ਼ਟ ਹਨ ਅਤੇ ਇਹੀ ਕਾਰਨ ਹੈ ਕਿ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਬੱਲ ਵਿਖੇ ਅਕਾਲੀ ਦਲ ਛੱਡ ਕੇ ਆਏ 8 ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਾਉਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਬਾਜਵਾ ਨੇ ਨਵੇਂ ਮੈਂਬਰਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਪੰਜਾਬ ਨੂੰ ਯੋਗ ਅਗਵਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਸੂਬੇ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਗਿਆ ਹੈ। ਕੈਬਨਿਟ ਮੰਤਰੀ  ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਬਲਦੇਵ ਸਿੰਘ, ਕਸ਼ਮੀਰ ਸਿੰਘ, ਸੂਰਤਾ ਸਿੰਘ, ਜਸਵਿੰਦਰ ਸਿੰਘ ਫੌਜੀ, ਸੁੱਚਾ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ, ਲਾਡਾ ਡਾਕਟਰ, ਵੱਸਣ ਸਿੰਘ, ਹਰਭਿੰਦਰ ਸਿੰਘ, ਲਾਲੀ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।