ਫੈਕਟ ਸਮਾਚਾਰ ਸੇਵਾ
ਜਲੰਧਰ, ਨਵੰਬਰ 16
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ, ਪਿੰਡ ਹਜ਼ਾਰਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ।
ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਢਾਡੀ ਵਾਰਾਂ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗਿਆਨੀ ਗੁਰਜੀਤ ਸਿੰਘ ਜੀ ਗੌਰੀ ਜਾਂਗਲਾ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਵਾਰਾਂ ਦਾ ਗਾਇਨ ਕਰਕੇ ਸੰਗਤ ਨੂੰ ਗੁਰੂ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਮਨੁੱਖਤਾ ਦੇ ਭਲੇ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਉਲੀਕੇ ਗਏ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਅੱਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨਾਂ ਵਿਚੋਂ ਇਕ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ, ਜਿਸ ਦੇ ਸ਼ਾਨਦਾਰ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਨੁੱਖਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।
ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਭਾਈ ਭਗਵਾਨ ਸਿੰਘ ਜੀ ਜੌਹਲ ਵੱਲੋਂ ਕੀਤਾ ਗਿਆ। ਧਾਰਮਿਕ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸਤਪਾਲ ਸਿੰਘ ਜੋਹਲ, ਪਰਮਜੀਤ ਸਿੰਘ ਰਾਏਪੁਰ, ਲਖਵੀਰ ਸਿੰਘ ਹਜ਼ਾਰਾ ਤੋਂ ਇਲਾਵਾ ਪਿੰਡ ਵਾਸੀ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।







