ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਦਸੰਬਰ 24
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ।
ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ ਦ੍ਰਿੜਤਾ ਅਤੇ ਲਗਨ ਨਾਲ ਕੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਬਿਨਾਂ ਸ਼ੱਕ ਦੂਜਿਆਂ ਨੂੰ ਤਰੱਕੀ ਲਈ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ।
ਰੋਹਿਤ ਜਿੰਦਲ, ਜੋ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਸਹਿਯੋਗੀਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਵਜੋਂ ਚੁਣੇ ਜਾਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਸਾਥੀਆਂ ਦੇ ਅਟੁੱਟ ਸਹਿਯੋਗ ਅਤੇ ਉੱਚ ਅਧਿਕਾਰੀਆਂ ਦੇ ਮਾਰਗਦਰਸ਼ਨ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।