ਹਰਿਆਣਾ

ਹਰਿਆਣਾ ਦੇ ਖੇਡ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਪਿਹੋਵਾ, ਜੂਨ 30

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਤੇ ਲੋਕ ਹਿੱਤਾਂ ਦੇ ਕੰਮਾਂ ਵਿਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਮੂਹ ਸਰਕਾਰੀ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਸਮੀਖਿਆ ਕੀਤੀ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਖੇਡ ਮੰਤਰੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਤਕਨੀਕੀ ਨੁਕਸ ਨਾਲ ਨਜਿੱਠਣ ਲਈ, ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਟਰਾਂਸਫਾਰਮਰਾਂ ਅਤੇ ਜ਼ਰੂਰੀ ਚੀਜ਼ਾਂ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰਨਾ ਚਾਹੀਦਾ ਹੈ ਤਾਂ ਜੋ ਲੋੜ ਪੈਣ ‘ਤੇ ਤੁਰੰਤ ਇਸਤੇਮਾਲ ਕੀਤਾ ਜਾ ਸਕੇ।

ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਘਾਟ ਨੂੰ ਵੇਖਦਿਆਂ ਪਾਣੀ ਦੀ ਸਪਲਾਈ ਲਈ ਟੈਂਕਰ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਪਾਣੀ ਪਹੁੰਚਾਇਆ ਜਾ ਸਕੇ। ਇਸ ਲਈ ਇਸ ਵੱਲ ਤੁਰੰਤ ਧਿਆਨ ਦਿੱਤੋ ਜਾਏ। ਖੇਡ ਮੰਤਰੀ ਨੇ ਮਾਰਕੀਟਿੰਗ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਨਵੀਆਂ ਸੜਕਾਂ ਦੇ ਮੁਕੰਮਲ ਹੋਣ ਅਤੇ ਮੁਰੰਮਤ ਬਾਰੇ ਜਾਣਕਾਰੀ ਲਈ। ਅਧਿਕਾਰੀਆਂ ਨੇ ਦੱਸਿਆ ਕਿ ਬਹੁਤ ਸਾਰੇ ਹਲਕੇ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ। ਬਹੁਤੀਆਂ ਸੜਕਾਂ ਦੇ ਨਵੀਨੀਕਰਨ ਅਤੇ ਨਵੀਂ ਉਸਾਰੀ ਲਈ ਟੈਂਡਰ ਕੀਤੇ ਗਏ ਹਨ, ਜਿਸ ‘ਤੇ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਬੀ.ਡੀ.ਪੀ.ਓ ਨੂੰ ਨਿਰਦੇਸ਼ ਦਿੱਤੇ ਕਿ ਉਹ ਪਿੰਡ ਵਿੱਚ ਗਲੀਆਂ, ਸਫਾਈ ਅਤੇ ਹੋਰ ਪ੍ਰਬੰਧਾਂ ਨੂੰ ਤੁਰੰਤ ਪੂਰਾ ਕਰਨ। ਉਨ੍ਹਾਂ ਜਨ ਦਰਬਾਰ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਪਟਾਰੇ ਲਈ ਨਿਰਦੇਸ਼ ਦਿੱਤੇ।