ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਵਲੋਂ 1162 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਰੋਹਤਕ , ਜੂਨ 10
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਕ ਵਾਰ ਫਿਰ ਸਭ ਕਾ ਸਾਥ-ਸਭ ਕਾ ਵਿਕਾਸ ਦੀ ਆਪਣੀ ਵਚਨਬੱਧਤਾ ਦੋਹਰਾਈ। ਉਨ੍ਹਾਂ ਨੇ ਸਿੱਖਿਆ, ਸਿਹਤ, ਖੇਡ, ਪਾਣੀ, ਬਿਜਲੀ ਅਤੇ ਸੜਕ ਸੰਪਰਕ ਮਜ਼ਬੂਤ ਕਰਨ ਨਾਲ ਸਬੰਧਤ ਲੱਗਭਗ 1162 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਅੱਜ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਹਨਾਂ ਵੀਡੀਓ ਕਾਨਫਰੰਸ ਜ਼ਰੀਏ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ 16 ਜ਼ਿਲ੍ਹਿਆਂ ਵਿਚ 200 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਕਰੀਬ 900 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਆਯੋਜਿਤ ਪ੍ਰੋਗਰਾਮਾਂ ’ਚ ਕੈਬਨਿਟ ਅਤੇ ਰਾਜ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਮੁੱਖ ਮੰਤਰੀ ਨੇ ਇਕੱਠੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੋਵੇ। ਇਸ ਤੋਂ ਪਹਿਲਾਂ 21 ਮਾਰਚ ਨੂੰ ਵੀ ਉਨ੍ਹਾਂ ਨੇ ਜਨਤਾ ਨੂੰ 1411 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ ਦਿੱਤਾ ਸੀ।