View in English:
August 14, 2025 2:29 pm

ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਫਿਰੋਜ਼ਪੁਰ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ

ਫੈਕਟ ਸਮਾਚਾਰ ਸੇਵਾ

ਤਰਨ ਤਾਰਨ, ਅਗਸਤ 13

ਬਰਸਾਤੀ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਪਾਣੀ ਦੇ ਪੱਧਰ ਦਾ ਜਾਇਜਾ ਲੈਣ ਲਈ ਸਾਂਝੇ ਤੌਰ ‘ਤੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਉੱਥੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਪਾਣੀ ਦੀ ਸਥਿਤੀ ਨੂੰ ਜਾਣਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਤਰਨਤਾਰਨ ਵਿੱਚ ਵੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ, ਪਰੰਤੂ ਜਿੰਨ੍ਹਾਂ ਪਿੰਡਾਂ ਵਿੱਚ ਪਾਣੀ ਦਾ ਪੱਧਰ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹਨ, ਉਥੇ ਲੋਕਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਪੂਰੀ ਮੱਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਿਜੱਠਣ ‘ਤੇ ਲੋਕਾਂ ਦੀ ਮੱਦਦ ਲਈ ਵੱਚਨਬੱਧ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਫਿਲਹਾਲ ਫਿਰੋਜ਼ਪੁਰ ਵਿੱਚ ਸਥਿਤੀ ਬਿਲਕੁਲ ਠੀਕ ਹੈ ਅਤੇ ਹੜ੍ਹਾਂ ਦਾ ਕਿਸੇ ਤਰ੍ਹਾਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਵੱਲੋਂ ਖੁਦ ਸੰਬਧਿਤ ਵਿਭਾਗਾਂ ਦੇ ਅਧਿਕਾਰੀਆਂ ਮਿਲ ਕੇ ਲਗਾਤਾਰ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰ ਕੇ ਸਥਿਤੀ ‘ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੇ ਯਕੀਨ ਨਾ ਕਰਨ ਅਤੇ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਹੜ੍ਹਾਂ ਸਬੰਧੀ ਸੂਚਨਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਸਥਾਪਿਤ ਕੀਤੇ ਕੰਟਰੋਲ ਰੂਮ ਦੇ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਅਰਵਿੰਰਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਪ੍ਰੀਤਇੰਦਰ ਸਿੰਘ, ਐੱਸ. ਡੀ. ਐੱਮ. ਜ਼ੀਰਾ ਗੁਰਮੀਤ ਸਿੰਘ, ਮਿਸ ਲਿੰਦਿਆ ਆਈ. ਏ. ਐੱਸ. (ਅੰਡਰ ਟ੍ਰੇਨਿੰਗ) ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English