ਫੈਕਟ ਸਮਾਚਾਰ ਸੇਵਾ
ਅਜਨਾਲਾ, ਅਗਸਤ 29
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਲੋਕਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਇਸ ਔਖੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਦੇ 60-70 ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਇਸ ਲਈ ਇਨ੍ਹਾਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਰਾਹਤ ਕਾਰਜਾਂ ਦੀ ਕਮਾਨ ਭਾਰਤੀ ਫੌਜ ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ ਵਿਚ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਮੇਤ ਹੋਰ ਆਗੂ ਵੀ ਮੌਜੂਦ ਸਨ।