ਪੰਜਾਬ

ਜ਼ਿਲੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਤੇ ਅਦਾਇਗੀ  ਲਗਾਤਾਰ ਜਾਰੀ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਅਕਤੂਬਰ 23

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਖਰੀਦ, ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 270156 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਉਨ੍ਹਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 92433 ਮੀਟ੍ਰਿਕ ਟਨ,ਮਾਰਕਫੈਡ ਨੇ 77120 ਮੀਟ੍ਰਿਕ ਟਨ, ਪਨਸਪ ਨੇ 67031 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 30132 ਮੀਟ੍ਰਿਕ ਟਨ, ਐਫ ਸੀ ਆਈ ਨੇ 1798 ਮੀਟਰਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 1642 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 192799 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਇਸ ਮੌਕੇ ਜਿਲ੍ਹਾ ਮੰਡੀ ਅਫਸਰ ਸਲੋਧ ਕੁਮਾਰ, ਡੀ.ਐਫ.ਐਸ. ਸੀ ਮੈਡਮ ਜਸਜੀਤ ਕੌਰ ਤੋ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।