View in English:
May 18, 2024 4:47 pm

ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ : ਬਲਕਾਰ ਸਿੰਘ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 21

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਬਿਹਤਰ ਨਾਗਰਿਕ ਸੇਵਾਵਾਂ ਤੇ ਸ਼ਹਿਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਮਿਉਂਸਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English