View in English:
May 18, 2024 1:18 am

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਮਾਰਚ 29

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ਾਂ ‘ਤੇ ਲੁਧਿਆਣਾ ਵਿੱਚ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤ ਨੋਟਿਸ ਜਾਰੀ ਕੀਤੇ ਗਏ।

ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ, ਆਮ ਆਦਮੀ ਪਾਰਟੀ (ਆਪ) ਨੂੰ ਤਿੰਨ ਨੋਟਿਸ ਜਾਰੀ ਕੀਤੇ ਗਏ ਜਦਕਿ ਕਾਂਗਰਸ ਅਤੇ ਭਾਜਪਾ ਨੂੰ ਦੋ-ਦੋ ਨੋਟਿਸ ਦਿੱਤੇ ਗਏ। ਵੇਰਵਿਆਂ ਅਨੁਸਾਰ ਸਹਾਇਕ ਰਿਟਰਨਿੰਗ ਅਫ਼ਸਰ ਲੁਧਿਆਣਾ ਪੂਰਬੀ-ਕਮ ਸੰਯੁਕਤ ਨਗਰ ਨਿਗਮ ਕਮਿਸ਼ਨਰ ਚੇਤਨ ਬੰਗੜ ਨੇ ‘ਆਪ’ ਨੂੰ ਦੋ ਨੋਟਿਸ ਜਾਰੀ ਕੀਤੇ ਹਨ ਜਦਕਿ ਕਾਂਗਰਸ ਅਤੇ ਭਾਜਪਾ ਨੂੰ ਇਕ-ਇਕ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਫਲਾਇੰਗ ਸਕੁਐਡਾਂ ਨੇ ਲੁਧਿਆਣਾ ਪੂਰਬੀ ਹਲਕੇ ਅਧੀਨ ਆਉਂਦੇ ਖੇਤਰਾਂ ਵਿੱਚ ਉਨ੍ਹਾਂ ਦੀਆਂ ਪਾਰਟੀਆਂ ਨਾਲ ਸਬੰਧਤ ਅਣਅਧਿਕਾਰਤ ਬੈਨਰ/ਪੋਸਟਰਾਂ ਦਾ ਪਤਾ ਲਗਾਇਆ ਹੈ।

ਇਸ ਤੋਂ ਇਲਾਵਾ, ਇਨ੍ਹਾਂ ਬੈਨਰਾਂ/ਪੋਸਟਰਾਂ ‘ਤੇ ਪ੍ਰਿੰਟਰਾਂ ਦਾ ਨਾਮ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ। ਉਨ੍ਹਾਂ ਨੇ ਧਿਰਾਂ ਨੂੰ 24 ਘੰਟਿਆਂ ਦੀ ਨਿਰਧਾਰਤ ਸਮਾਂ ਸੀਮਾ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਨਹੀਂ ਤਾਂ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127 (1), (2 (ਏ) (ਬੀ) ਦੇ ਤਹਿਤ ਪਾਰਟੀਆਂ ਨੂੰ ਨੋਟਿਸ ਭੇਜੇ ਗਏ ਹਨ।

ਇਸੇ ਤਰ੍ਹਾਂ ਸਹਾਇਕ ਰਿਟਰਨਿੰਗ ਅਫ਼ਸਰ ਉੱਤਰੀ-ਕਮ-ਈ.ਓ ਗਲਾਡਾ ਅੰਕੁਰ ਮਹਿੰਦਰੂ ਨੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਤਿੰਨਾਂ ਪਾਰਟੀਆਂ ‘ਆਪ’, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਭਾਜਪਾ ਨੂੰ ਇੱਕ-ਇੱਕ ਨੋਟਿਸ ਜਾਰੀ ਕੀਤਾ ਹੈ। ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *

View in English