ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਮਾਰਚ 9
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ।
ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਸੀਐਮ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈਂਟਰ ਸਥਾਪਤ ਕਰਨ ਜਾ ਰਹੀ ਹੈ।
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਗੁਰਬਾਣੀ ਦੇ ਸ਼ਲੋਕ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਔਰਤਾਂ ਨੂੰ ਬਹੁਤ ਸਤਿਕਾਰ ਦਿੱਤਾ ਹੈ। ਉਨ੍ਹਾਂ ਨੇ ਭਰੂਣ ਹੱਤਿਆ ਜਿਹੀ ਸਮਾਜਿਕ ਬੁਰਾਈ, ਜੋ ਹਾਲੇ ਵੀ ਸਮਾਜ ਵਿੱਚ ਪ੍ਰਚਲਿਤ ਹੈ, ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਕੁੜੀਆਂ ਨੇ ਜੀਵਨ ਦੇ ਹਰ ਖੇਤਰ ਵਿੱਚ ਸਿਖਰ ਛੋਹਿਆ ਹੈ ਅਤੇ ਆਪਣੀ ਮਿਹਨਤ ਅਤੇ ਕਾਮਯਾਬੀ ਨਾਲ ਹੋਰ ਨੌਜਵਾਨਾਂ ਲਈ ਆਦਰਸ਼ ਵਜੋਂ ਉੱਭਰੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਉਨ੍ਹਾਂ ਖੇਤਰਾਂ ਵਿੱਚ ਵੀ ਮੱਲਾਂ ਮਾਰ ਕੇ ਆਪਣੇ ਮਾਪਿਆਂ, ਸਮਾਜ ਅਤੇ ਸੂਬੇ ਦਾ ਮਾਣ ਵਧਾਇਆ ਹੈ, ਜਿਨ੍ਹਾਂ ਨੂੰ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਸੀ। ਸੂਬੇ ਵਿੱਚ ਤਕਨਾਲੋਜੀ ਨੂੰ ਪੇਸ਼ ਕਰਨ ਬਾਰੇ ਇੱਕ ਵਿਦਿਆਰਥੀ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਵੱਖ-ਵੱਖ ਖੇਤਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਸ਼ੁਰੂ ਕਰ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਬਿਹਤਰ ਪੁਲਿਸਿੰਗ, ਖੇਤੀਬਾੜੀ, ਵਿੱਤ ਅਤੇ ਹੋਰ ਖੇਤਰਾਂ ਵਿੱਚ ਏ.ਆਈ. ਦੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਮਾਮਲਿਆਂ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਅੱਗੇ ਲਿਆਉਣਾ ਹੈ। ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੇ ਹਾਮੀ ਬਣਨ ਲਈ ਪ੍ਰੇਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਡਿਜੀਟਲਾਈਜ਼ੇਸ਼ਨ ਦਾ ਯੁੱਗ ਹੈ ਅਤੇ ਪੰਜਾਬ ਤਕਨੀਕੀ ਨਵੀਨਤਾ ਵਿੱਚ ਮੋਹਰੀ ਬਣਨ ਦੇ ਲਿਹਾਜ਼ ਨਾਲ ਅੱਗੇ ਵਧ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਕਿੱਤਾ-ਮੁਖੀ ਸਿੱਖਿਆ ਅਤੇ ਅਜੋਕੀਆਂ ਆਲਮੀ ਮੰਗਾਂ ਮੁਤਾਬਿਕ ਹੁਨਰ ਵਿਕਸਤ ਕਰਨ ਵੱਲ ਹੈ।
ਮੁੱਖ ਮੰਤਰੀ ਨੇ ਹੁਨਰ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਿੱਖਿਆ ਮਹਿਜ਼ ਡਿਗਰੀਆਂ ਹਾਸਲ ਕਰਨ ਤੱਕ ਮਹਿਦੂਦ ਨਹੀਂ ਹੋਣੀ ਚਾਹੀਦੀ, ਸਗੋਂ ਇਸ ਦਾ ਮੰਤਵ ਹੁਨਰ ਪ੍ਰਾਪਤ ਕਰਕੇ ਆਪਣੀ ਜੀਵਿਕਾ ਕਮਾਉਣ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨਾ ਵੀ ਹੋਣਾ ਚਾਹੀਦਾ ਹੈ। ਕੁੜੀਆਂ ਨੂੰ ਸਮਾਜ ਦੀਆਂ ਸਿਰਜਣਹਾਰੀਆਂ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਸਮਾਜ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਦੁਨੀਆ ਦੀ ਸਿਰਜਣਾ ਕਰਨ , ਪਾਲਣ-ਪੋਸ਼ਣ ਅਤੇ ਸਬਰ-ਸੰਤੋਖ਼ ਦੀ ਵਿਲੱਖਣ ਯੋਗਤਾ ਨਾਲ ਨਿਵਾਜ਼ਿਆ ਹੈ, ਇਸ ਲਈ ਇਹ ਸਾਡਾ ਇਖ਼ਲਾਕੀ ਫਰਜ਼ ਹੈ ਕਿ ਉਨ੍ਹਾਂ ਨੂੰ ਵਧਣ-ਫੁੱਲਣ ਲਈ ਵੱਧ ਤੋਂ ਵੱਧ ਮੌਕੇ ਮਿਲਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 11 ਔਰਤਾਂ ਨੂੰ ਵਿਧਾਇਕ ਬਣਾਇਆ ਹੈ ਅਤੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਤਿੰਨ ਔਰਤਾਂ ਨੂੰ ਸੀਨੀਅਰ ਪੁਲਿਸ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਔਰਤ ਨੂੰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ 19 ਔਰਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ ਸੱਤ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਗ ਬੁਝਾਊ ਅਮਲੇ ਵਿੱਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡਾਂ ਨੂੰ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀ ਸੋਧ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਸੀ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਕੋਈ ਪਰਵਾਹ ਨਹੀਂ ਸੀ। ਸੀਐਮ ਨੇ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿੱਥੇ ਅੱਗ ਬੁਝਾਊ ਅਮਲੇ ਵਿੱਚ ਕੁੜੀਆਂ ਮੋਹਰੀ ਭੂਮਿਕਾ ਨਿਭਾਉਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਮੇਂ ਦੀ ਲੋੜ ਸਨ ਕਿਉਂਕਿ ਅੰਦਰੂਨੀ ਹਿੱਸਿਆਂ ਵਿੱਚ ਉੱਚੀਆਂ-ਉੱਚੀਆਂ ਇਮਾਰਤਾਂ ਅਤੇ ਤੰਗ-ਭੀੜੀਆਂ ਸੜਕਾਂ ਦੇ ਮੱਦੇਨਜ਼ਰ, ਅੱਗ ਬੁਝਾਊ ਅਮਲੇ ਨੂੰ ਨਵੀਨਤਮ ਕਿਸਮ ਦੇ ਵਾਹਨ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਆਪਣੇ ਕੰਮਕਾਜ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਸੁਨਾਮ ਵਿੱਚ ਆਪਣੀ ਪਹਿਲੀ ਸਟੇਜ ਪੇਸ਼ਕਾਰੀ ਨੂੰ ਯਾਦ ਕਰਦਿਆਂ ਦਰਸ਼ਕਾਂ ਨੂੰ ਪ੍ਰੇਰਿਤ ਕਰਨ ਲਈ ਆਪਣੇ ਸ਼ੁਰੂਆਤੀ ਦਿਨਾਂ ਦਾ ਨਿੱਜੀ ਕਿੱਸਾ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ ਸਟੇਜ ’ਤੇ ਚੜ੍ਹਨ ਮੌਕੇ ਮੈਂ ਬਹੁਤ ਘਬਰਾਇਆ ਹੋਇਆ ਸੀ, ਪਰ ਉਸ ਤਜਰਬੇ ਨੇ ਮੈਨੂੰ ਅੱਗੇ ਵਧਣ ਲਈ ਢੁਕਵਾਂ ਸਬਕ ਦਿੱਤਾ, ਕਿਉਂਕਿ ਸਖ਼ਤ ਮਿਹਨਤ ਅਤੇ ਸਵੈ-ਭਰੋਸਾ ਹੀ ਸਫਲਤਾ ਦੀ ਕੁੰਜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਇੱਕ ਮੱਧ ਵਰਗੀ ਪਰਿਵਾਰ ਤੋਂ ਆਏ ਹਨ ਪਰ ਅੱਜ ਉਹ 3.5 ਕਰੋੜ ਲੋਕਾਂ ਦੇ ਅਧਿਕਾਰਾਂ ਦੇ ਰਾਖੇ ਤੇ ਮੁਦੱਈ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਖ਼ਤ ਮਿਹਨਤ, ਵਚਨਬੱਧਤਾ, ਲਗਨ ਅਤੇ ਸਮਰਪਣ ਦੀ ਤਾਕਤ ਹੈ। ਉਨ੍ਹਾਂ ਨੇ ਔਰਤਾਂ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਹੁਨਰ ਵਿਕਾਸ ਪ੍ਰੋਗਰਾਮ, ਸਕਾਲਰਸ਼ਿਪ, ਉੱਦਮਤਾ ਸਬੰਧੀ ਮੌਕੇ ਅਤੇ ਵਿੱਤੀ ਸਹਾਇਤਾ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਨਾਗਰਿਕ ਇੱਕ ਬਿਹਤਰੀਨ ਜੀਵਨ ਬਤੀਤ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜੀਵਨ ਦੇ ਹਰ ਖੇਤਰ ਵਿੱਚ ਬਰਾਬਰ ਮੌਕੇ ਮੁਹੱਈਆ ਕਰਵਾਉਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 51665 ਨੌਕਰੀਆਂ ਦਿੱਤੀਆਂ ਹਨ ਅਤੇ ਇਸ ਦਾ ਇੱਕੋ-ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਮੌਕੇ ਦਿੰਦੀ ਰਹੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਨਭਾਉਂਦੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਸਿਆਸਤ ਦਾ ਅਰਥ ਸਿਰਫ਼ ਗਰੀਬਾਂ ਦੀ ਸੇਵਾ ਕਰਨਾ ਹੁੰਦਾ ਹੈ, ਪਰ ਮੌਜੂਦਾ ਸਮੇਂ ਰਾਜਨੀਤੀ ਗੁੰਡਿਆਂ ਦੀ ਜਾਗੀਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਗੇ ਤੇ ਅਨੁਭਵੀ ਆਗੂ ਸਿਆਸਤ ਛੱਡ ਜਾਣਗੇ ਤਾਂ ਮਾੜੇ ਤੇ ਨੌਸਿਖੀਆਂ ਲਈ ਸਿਆਸਤ ਵਿੱਚ ਆਉਣ ਦਾ ਰਸਤਾ ਹੋਰ ਸਾਫ਼ ਹੋ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਸੁਪਨਿਆਂ ਨੂੰ ਮਧੋਲਣ ਵਿੱਚ ਸਾਰੀਆਂ ਹੱਦਾਂ ਉਲੰਘ ਦਿੱਤੀਆਂ ਸਨ, ਇਸੇ ਲਈ ਸਾਡੀ ਨੌਜਵਾਨੀ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਈ ਪਰ ਮੌਜੂਦਾ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਸੂਬੇ ਵਿੱਚ ਇਸ ਰੁਝਾਨ ਨੂੰ ਮੋੜਾ ਪਿਆ ਹੈ।