ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਫਰਵਰੀ 6
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਕਾਰਵਾਈ ਵਿੱਚ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਪੁਸ਼ਟੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਮੁਅੱਤਲ ਚੱਲ ਰਹੇ ਸਨ। ਹੁਣ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਅਗਲਾ ਕਦਮ ਚੁੱਕਦੇ ਹੋਏ ਰਸਮੀ ਤੌਰ ‘ਤੇ ਬਰਖ਼ਾਸਤਗੀ ਦੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ‘ਚ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਨਵਜੋਤ ਕੌਰ ਸਿੱਧੂ ਨੇ ਜਨਤਕ ਤੌਰ ‘ਤੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਪਾਰਟੀ ਨੇ ਜਥੇਬੰਦਕ ਪ੍ਰਕਿਰਿਆ ਪੂਰੀ ਕਰਦੇ ਹੋਏ ਉਨ੍ਹਾਂ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਲਿਆ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਅਨੁਸ਼ਾਸਨਹੀਣਤਾ ਅਤੇ ਪਾਰਟੀ ਲਾਈਨ ਦੇ ਖ਼ਿਲਾਫ਼ ਗਤੀਵਿਧੀਆਂ ਨੂੰ ਲੈ ਕੇ ਕੀਤੀ ਗਈ ਹੈ।







